
ਸ੍ਰੀ ਅਨੰਦਪੁਰ ਸਾਹਿਬ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਸਥਿਤ ਆਪਣੇ ਰਿਹਾਇਸ਼ ਦਫ਼ਤਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਾਕੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਦੀ ਨਵੰਬਰ ਮਹੀਨੇ ਵਿੱਚ ਆ ਰਹੀ ਸ਼ਤਾਬਦੀ ਦੇ ਪ੍ਰਬੰਧਾਂ ਸਬੰਧੀ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇੱਕ ਜ਼ਰੂਰੀ ਬੈਠਕ ਕੀਤੀ। ਇਸ ਇਕੱਤਰਤਾ ਵਿੱਚ ਜਥੇਦਾਰ ਗੜਗੱਜ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਦੀਪ ਸਿੰਘ ਕੰਗ, ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ, ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਨਾ, ਐੱਸਡੀਐੱਮ ਸ੍ਰੀ ਜਸਪ੍ਰੀਤ ਸਿੰਘ, ਪੁਲਿਸ ਕਪਤਾਨ ਸਥਾਨਕ ਸ੍ਰੀ ਅਰਵਿੰਦ ਮੀਨਾ, ਐਡੀਸ਼ਨਲ ਮੈਨੇਜਰ ਸ. ਹਰਦੇਵ ਸਿੰਘ, ਉਪ ਪੁਲਿਸ ਕਪਤਾਨ ਸਥਾਨਕ ਸ੍ਰੀ ਕੁਲਭੂਸ਼ਣ ਸ਼ਰਮਾ, ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਥਾਣਾ ਮੁਖੀ ਇੰਸਪੈਕਟਰ ਦਾਨਿਸ਼ਵੀਰ ਸਿੰਘ ਹਾਜ਼ਰ ਸਨ।
ਬੈਠਕ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਨਾਮ ਉੱਤੇ ਇੱਕ ਪੱਤਰ ਸੌਂਪਿਆ ਗਿਆ, ਜਿਸ ਵਿੱਚ ਸ਼ਤਾਬਦੀ ਦੇ ਮੱਦੇਨਜ਼ਰ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ, ਸ਼ਹਿਰ ਵਿੱਚ ਲੋੜੀਂਦੇ ਪ੍ਰਬੰਧ ਸੁਚੱਜੇ ਕਰਨ ਬਾਰੇ ਤੇ ਹੋਰ ਜ਼ਰੂਰੀ ਨੁਕਤਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਕੋਲ ਜਥੇਦਾਰ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਂਦੀਆਂ ਸਾਰੀਆਂ ਸੜਕਾਂ ਨਵੀਆਂ ਬਣਾਉਣ, ਸ਼ਹਿਰ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਸਹੀ ਕਰਵਾਉਣ, ਸੜਕਾਂ ਉੱਤੇ ਅਤੇ ਸ਼ਹਿਰ ਦੇ ਰਸਤਿਆਂ ਵਿੱਚ ਲੱਗੀਆਂ ਲਾਈਟਾਂ ਠੀਕ ਕਰਵਾਉਣ, ਗੁਰਦੁਆਰਾ ਸੀਸਗੰਜ ਸਾਹਿਬ ਦੇ ਨਜ਼ਦੀਕ ਬਣੇ ਪਾਰਕ ਦਾ ਕੰਮ ਮੁਕੰਮਲ ਕਰਵਾਉਣ, ਸ਼ਤਾਬਦੀ ਮੌਕੇ ਆਰਜ਼ੀ ਗੁਸਲਖਾਨਿਆਂ ਦਾ ਪ੍ਰਬੰਧ, ਟ੍ਰੈਫ਼ਿਕ ਦਾ ਪੁਖਤਾ ਪ੍ਰਬੰਧ, ਅਵਾਰਾ ਪਸ਼ੂਆਂ ਨੂੰ ਫੜ ਕੇ ਸ਼ਹਿਰ ਤੋਂ ਬਾਹਰ ਕਰਨ, ਫਲੱਡ ਲਾਈਟਾਂ ਠੀਕ ਕਰਵਾਉਣ, ਟੋਅ-ਵੈਨਾਂ ਦਾ ਪ੍ਰਬੰਧ ਕਰਨ, ਪਾਰਕਿੰਗ ਦੀ ਯੋਗ ਵਿਵਸਥਾ ਕਰਨ ਸਬੰਧੀ ਕਈ ਅਹਿਮ ਕਾਰਜਾਂ ਬਾਰੇ ਮਾਮਲੇ ਉਠਾਏ। ਇਸੇ ਤਰ੍ਹਾਂ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਨਜ਼ਦੀਕ ਬਣੀ ਪਾਣੀ ਵਾਲੀ ਟੈਂਕੀ ਨੂੰ ਸਰਕਾਰੀ ਪਾਣੀ ਦੀ ਸਪਲਾਈ, ਸ਼ਹਿਰ ਵਿੱਚ ਬਾਹਰਲੇ ਸੂਬਿਆਂ ਦੇ ਰਹਿਣ ਵਾਲੇ ਸਮੂਹ ਲੋਕਾਂ ਦੀ ਪੁਲਿਸ ਤਸਦੀਕ ਕਰਵਾਉਣ ਅਤੇ ਗੁਰੂ ਘਰਾਂ ਦੇ ਨੇੜਲੀਆਂ ਨਾਲੀਆਂ ਨੂੰ ਢਕਣ ਦੇ ਪ੍ਰਬੰਧ ਕਰਨ ਲਈ ਵੀ ਆਖਿਆ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਖ਼ਾਲਸਾ ਪੰਥ ਤੇ ਸੰਗਤ ਦੇ ਸਹਿਯੋਗ ਨਾਲ 21 ਤੋਂ 29 ਨਵੰਬਰ ਤੱਕ ਸ਼ਤਾਬਦੀ ਦੇ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ਉੱਤੇ ਮਨਾਏ ਜਾ ਰਹੇ ਹਨ, ਜਿਸ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤ ਇੱਥੇ ਨਤਮਸਤਕ ਹੋਣ ਪੁੱਜੇਗੀ। ਸਮਾਗਮਾਂ ਤਹਿਤ ਮਿਤੀ 21 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਤੇ 23 ਨਵੰਬਰ ਨੂੰ ਭੋਗ ਪਾਏ ਜਾਣਗੇ। ਉਪਰੰਤ 23 ਨਵੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੇ 350 ਸਾਲਾ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠੇ ਸਾਹਿਬ ਅਰੰਭ ਹੋਣਗੇ ਤੇ 25 ਨਵੰਬਰ ਨੂੰ ਭੋਗ ਪਾਏ ਜਾਣਗੇ। ਇਸੇ ਤਰ੍ਹਾਂ 27 ਨਵੰਬਰ ਨੂੰ ਨੌਵੇਂ ਪਾਤਸ਼ਾਹ ਜੀ ਦੇ ਸੀਸ ਸਸਕਾਰ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਤੇ 29 ਨਵੰਬਰ ਨੂੰ ਭੋਗ ਪਾਏ ਜਾਣਗੇ। ਇਨ੍ਹਾਂ ਦਿਨਾਂ ਵਿੱਚ ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਚੱਲਦੇ ਰਹਿਣਗੇ।
ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਵੱਲੋਂ ਜਥੇਦਾਰ ਗੜਗੱਜ ਨੂੰ ਭਰੋਸਾ ਦਿੱਤਾ ਗਿਆ ਕਿ ਪ੍ਰਸ਼ਾਸਨ ਦੀ ਤਰਫ਼ੋਂ ਸ਼ਤਾਬਦੀ ਸਮਾਗਮਾਂ ਵਿੱਚ ਹਰ ਪੱਧਰ ਉੱਤੇ ਸਹਿਯੋਗ ਤੇ ਪ੍ਰਬੰਧ ਕੀਤੇ ਜਾਣਗੇ ਅਤੇ ਜਿਨ੍ਹਾਂ ਵੀ ਕਾਰਜਾਂ ਬਾਰੇ ਲਿਖਤੀ ਜਾਣਕਾਰੀ ਦਿੱਤੀ ਗਈ ਹੈ ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇ ਕੇ ਸਮੁੱਚੇ ਕਾਰਜ ਜਲਦ ਹੀ ਕਰਵਾ ਦਿੱਤੇ ਜਾਣਗੇ।
ਇਸ ਦੌਰਾਨ ਤਖ਼ਤ ਸਾਹਿਬ ਦੇ ਸੂਚਨਾ ਅਧਿਕਾਰੀ ਸ. ਹਰਪ੍ਰੀਤ ਸਿੰਘ, ਨਿੱਜੀ ਸਹਾਇਕ ਸ. ਹਰਦੇਵ ਸਿੰਘ, ਸ. ਬਲਦੇਵ ਸਿੰਘ, ਲੇਖਕ ਸ. ਜਸਕਰਨ ਸਿੰਘ, ਸ. ਜਗਨੰਦਨ ਸਿੰਘ ਵੀ ਹਾਜ਼ਰ ਸਨ।