ਅਮਨ ਸੂਦ ‘ਤੇ ਸਖ਼ਤ ਕਾਰਵਾਈ: ਪੰਜਾਬ ‘ਚ ਅਸ਼ਾਂਤੀ ਫੈਲਾਉਣ ਦੀ ਸਾਜ਼ਿਸ਼ ਤਹਿਤ ਸੰਮਨ ਜਾਰੀ

ਹਿਮਾਚਲ ਪ੍ਰਦੇਸ਼ ਦੇ ਮਣੀਕਰਨ ਹਲਕੇ ਵਿੱਚ ਸਿੱਖ ਸੰਗਤਾਂ ਦੇ ਵਾਹਨਾਂ ਤੋਂ ਨਿਸ਼ਾਨ ਸਾਹਿਬ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਵਾਲੇ ਝੰਡੇ ਉਤਾਰਨ ਦੇ ਮਾਮਲੇ ਵਿੱਚ ਹੋਟਲ ਮਾਲਕ ਅਮਨ ਸੂਦ ‘ਤੇ ਜਨਤਕ ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਨੂੰ ਭੰਗ ਕਰਨ ਦੇ ਦੋਸ਼ ਲਗਾਏ ਗਏ ਹਨ। ਕੁੱਲੂ ਦੇ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਦੀ ਅਦਾਲਤ ਨੇ ਉਨ੍ਹਾਂ ਨੂੰ 24 ਮਾਰਚ, 2025 ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ ਅਤੇ ਉਨ੍ਹਾਂ ਖਿਲਾਫ਼ ਹੋਰ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ।

ਅਮਨ ਸੂਦ ਦਾ ਨਾਮ ਉਦੋਂ ਖ਼ਬਰਾਂ ਵਿੱਚ ਆਉਂਦਾ ਹੈ ਜਦੋਂ ਕੁੱਲੂ ਵਿੱਚ ਸਿੱਖ ਸੰਗਤਾਂ ਵੱਲੋਂ ਲਗਾਏ ਗਏ ਝੰਡੇ ਕੁਝ ਹਿਮਾਚਲੀ ਬੰਦਿਆਂ ਵੱਲੋਂ ਪੁਲਿਸ ਦੀ ਮੌਜੂਗਦੀ ਵਿਚ ਹਟਾਏ ਗਏ। ਇਸ ਘਟਨਾ ਨੂੰ ਪੰਜਾਬ ਦੇ ਗੁਆਂਢੀ ਸੂਬਿਆਂ ਵਿੱਚ ਸਿੱਖ-ਹਿੰਦੂ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਅਜਿਹੇ ਕਦਮ ਭਾਈਚਾਰਿਆਂ ਵਿੱਚ ਵੰਡੀਆਂ ਪਾਉਣ, ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਅਤੇ ਉਨ੍ਹਾਂ ਨੂੰ ਵੰਡਣ ਲਈ ਚੁੱਕੇ ਜਾਂਦੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਇਸ ਘਟਨਾ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਹਿਮਾਚਲ ਪ੍ਰਦੇਸ਼ ਸਰਕਾਰ ਤੋਂ ਤੁਰੰਤ ਅਤੇ ਨਿਰਪੱਖ ਕਾਰਵਾਈ ਦੀ ਮੰਗ ਕੀਤੀ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਦੀ ਨਵੀਂ ਸਾਜ਼ਿਸ਼ ਦਾ ਹਿੱਸਾ ਹਨ।

ਸਰਕਾਰ ਨੇ ਅਮਨ ਸੂਦ ਖਿਲਾਫ਼ BNS(S) 2023 ਦੀ ਧਾਰਾ 126/169 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਚੌਕੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਦੀਆਂ ਕਾਰਵਾਈਆਂ ਨੇ ਮਣੀਕਰਨ ਵਿੱਚ ਜਨਤਕ ਸ਼ਾਂਤੀ ਨੂੰ ਪ੍ਰਭਾਵਿਤ ਕੀਤਾ ਅਤੇ ਧਾਰਮਿਕ ਸਦਭਾਵਨਾ ਨੂੰ ਖ਼ਤਰੇ ਵਿੱਚ ਪਾਇਆ।