ਅਮਰੀਕਾ ਵਿੱਚ ਸਿੱਖ ਵਿਅਕਤੀ ’ਤੇ ਹਮਲਾ ਕਰਨ ਵਾਲੇ ਵਿਰੁੱਧ ਕਾਰਜਕਾਰੀ ਜਥੇਦਾਰ ਵੱਲੋਂ ਸਖ਼ਤ ਕਾਰਵਾਈ ਦੀ ਮੰਗ

ਅਮਰੀਕਾ ਵਿਚ ਰਹਿਣ ਵਾਲੇ ਸਿੱਖ ਇਕਜੁੱਟ ਹੋਣ: ਜਥੇਦਾਰ ਗੜਗੱਜ

ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੁੱਧਵਾਰ ਨੂੰ ਅਮਰੀਕਾ ਵਿੱਚ 70 ਸਾਲਾ ਸਿੱਖ ’ਤੇ ਹੋਏ ਕਥਿਤ ਨਫ਼ਰਤ ਅਪਰਾਧ ਹਮਲੇ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ। ਜਾਣਕਾਰੀ ਮੁਤਾਬਕ ਪਿਛਲੇ ਹਫ਼ਤੇ, ਹਰਪਾਲ ਸਿੰਘ ਕੈਲੀਫੋਰਨੀਆ ਦੇ ਉੱਤਰੀ ਹਾਲੀਵੁੱਡ ਵਿੱਚ ਸੈਟੀਕੋਏ ਸਟਰੀਟ ਅਤੇ ਲੰਕਰਸ਼ਿਮ ਬੁਲੇਵਾਰਡ ਦੇ ਨੇੜੇ ਸੈਰ ਕਰ ਰਹੇ ਸਨ, ਜਦੋਂ ਸਾਈਕਲ ’ਤੇ ਇੱਕ ਵਿਅਕਤੀ ਨੇ ਉਨ੍ਹਾਂ ’ਤੇ ਗੋਲਫ ਕਲੱਬ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਗੰਭੀਰ ਸੱਟਾਂ ਲੱਗੀਆਂ। ਇਸ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਦੌਰਾਨ ਸਿੰਘ ਦੀਆਂ ਤਿੰਨ ਸਰਜਰੀਆਂ ਹੋਈਆਂ ਹਨ ਅਤੇ ਉਹ ਅਜੇ ਵੀ ਗੰਭੀਰ ਹਾਲਤ ਵਿੱਚ ਹਨ। ਇਸ ਸਬੰਧੀ ਲਾਸ ਏਂਜਲਸ ਪੁਲਿਸ ਵਿਭਾਗ ਨੇ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਇਸ ਮੌਕੇ ਜਥੇਦਾਰ ਗੜਗੱਜ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਘਟਨਾ ਨੂੰ ਨਫ਼ਰਤ ਅਪਰਾਧ ਵਜੋਂ ਦਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਦੇ ਉਦੇਸ਼ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਐਫਬੀਆਈ ਦੀ 2024 ਦੀ ਨਫ਼ਰਤ ਅਪਰਾਧ ਰਿਪੋਰਟ ਦਾ ਵੀ ਹਵਾਲਾ ਦਿੱਤਾ, ਜਿਸ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ 153 ਘਟਨਾਵਾਂ ਦਰਜ ਕੀਤੀਆਂ ਗਈਆਂ, ਜਿਸ ਨਾਲ ਉਹ ਅਮਰੀਕਾ ਵਿੱਚ ਤੀਜੇ ਸਭ ਤੋਂ ਵੱਧ ਨਿਸ਼ਾਨਾ ਬਣਾਏ ਗਏ ਧਾਰਮਿਕ ਸਮੂਹ ਬਣ ਗਏ। ਗੜਗੱਜ ਨੇ ਅਮਰੀਕਾ ਵਿੱਚ ਸਿੱਖ ਸੰਗਠਨਾਂ ਨੂੰ ਸਿੱਖ ਪਛਾਣ ਬਾਰੇ ਜਨਤਕ ਜਾਗਰੂਕਤਾ ਵਧਾਉਣ ਅਤੇ ਲੋੜ ਪੈਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਹਾਇਤਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਅਮਰੀਕਾ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ, ਸਥਾਨਕ ਅਧਿਕਾਰੀਆਂ ਨਾਲ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਅਤੇ ਸੁਰੱਖਿਆ ਦੇ ਵਧੇ ਹੋਏ ਉਪਾਵਾਂ ਦੀ ਮੰਗ ਕਰਨੀ ਚਾਹੀਦੀ ਹੈ।” ਨਾਲ ਹੀ ਜਥੇਦਾਰ ਗੜਗੱਜ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਨੂੰ ਸੁਚੇਤ ਰਹਿਣ, ਸਵੈ-ਰੱਖਿਆ ਲਈ ਤਿਆਰ ਰਹਿਣ ਅਤੇ ਬਜ਼ੁਰਗ ਪਰਿਵਾਰਕ ਮੈਂਬਰਾਂ ਨੂੰ ਇਕੱਲੇ ਬਾਹਰ ਭੇਜਣ ਤੋਂ ਬਚਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਵੀ ਅਮਰੀਕਾ ਵਿੱਚ ਭਾਰਤੀ ਮਿਸ਼ਨ ਰਾਹੀਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹਮਲੇ ਨੂੰ ਅਧਿਕਾਰਤ ਤੌਰ ’ਤੇ ਨਫ਼ਰਤ ਅਪਰਾਧ ਵਜੋਂ ਸ਼੍ਰੇਣੀਬੱਧ ਕੀਤਾ ਜਾਵੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਜਥੇਦਾਰ ਗੜਗੱਜ ਨੇ ਸਿੰਘ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਭਾਈਚਾਰਾ “ਉਨ੍ਹਾਂ ਦੇ ਨਾਲ ਖੜ੍ਹਾ ਹੈ” ਅਤੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ’ਤੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕਰਨ ਦੇ ਨਿਰਦੇਸ਼ ਦਿੱਤੇ।