ਕੌਮ ਏਕਤਾ ਅਤੇ ਚੜ੍ਹਦੀ ਕਲਾ ਨਾਲ ਮਨਾਵੇ ਜੂਨ 84 ਦੇ ਘੱਲੂਘਾਰੇ ਦੀ ਵਰ੍ਹੇਗੰਢ : ਪੰਥਕ ਆਗੂ

ਪੰਥਕ ਆਗੂਆਂ ਭਾਈ ਮੋਹਕਮ ਸਿੰਘ ਦਮਦਮੀ ਟਕਸਾਲ, ਭਾਈ ਸਤਨਾਮ ਸਿੰਘ ਮਨਾਵਾਂ, ਭਾਈ ਵੱਸਣ ਸਿੰਘ ਜ਼ਫਰਵਾਲ ਅਤੇ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਾਦਲ ਪਰਿਵਾਰ ਦਾ ਏਜੰਡਾ ਸਿੱਖ ਕੌਮ ’ਤੇ ਲਾਗੂ ਕਰਨ ਦੇ ਮਨੋਰਥ ਨਾਲ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਰਾਤ ਦੇ ਹਨੇਰੇ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ’ਜਥੇਦਾਰ’ ਵਜੋਂ ਥੋਪਣ ਨੂੰ ਸਿੱਖ ਪੰਥ ਵੱਲੋਂ ਮਾਨਤਾ ਨਹੀਂ ਦਿੱਤੀ ਗਈ ਹੈ। ਹੁਣ ਜਦ ਕੌਮ ਘੱਲੂਘਾਰੇ ਦੀ ਯਾਦ ਮਨਾ ਰਹੀ ਹੈ ਤਾਂ ਐਨ ਉਸ ਵੇਲੇ ਗੈਰ ਸਿਧਾਂਤਕ ਤਰੀਕੇ ਨਾਲ ਥੋਪੇ ਗਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕਿਸੇ ਵੀ ਹਾਲਤ ਵਿੱਚ ਸੰਦੇਸ਼ ਪੜ੍ਹਨ ਅਤੇ ਸ਼ਹੀਦ ਪਰਿਵਾਰਾਂ ਨੂੰ ਸਿਰੋਪੇ ਦੇਣ ਤੋਂ ਰੋਕਣ ਦਾ ਦਮਦਮੀ ਟਕਸਾਲ, ਦਲ ਖ਼ਾਲਸਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ।

ਅਸੀਂ ਜਥੇਬੰਦੀਆਂ ਦੇ ਇਨ੍ਹਾਂ ਵਿਚਾਰਾਂ ਦਾ ਸਮਰਥਨ ਕਰਦੇ ਹਾਂ, ਕਿਉਂਕਿ ਇਹਨਾਂ ਜਥੇਦਾਰਾਂ ਨੂੰ ਪੰਥ ਵੱਲੋਂ ਪ੍ਰਵਾਨ ਹੀ ਨਹੀਂ ਕੀਤਾ ਗਿਆ ਹੈ ਸਗੋਂ ਇਹ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਤਨਖ਼ਾਹੀਏ ਵੀ ਘੋਸ਼ਿਤ ਕੀਤੇ ਜਾ ਚੁੱਕੇ ਹਨ। ਇਹਨਾਂ ਨੂੰ ਸੰਦੇਸ਼ ਪੜ੍ਹਨਾ ਤਾਂ ਦੂਰ ਦੀ ਗੱਲ ਹੈ, ਜਿਨ੍ਹਾਂ ਚਿਰ ਤਨਖ਼ਾਹ ਨਹੀਂ ਲਗਵਾ ਲੈਂਦੇ ਓਨਾ ਚਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ’ਤੇ ਜਾਣ ਦਾ ਵੀ ਇਨ੍ਹਾਂ ਨੂੰ ਇਖ਼ਲਾਕੀ ਹੱਕ ਨਹੀਂ। ਅਜਿਹੇ ਸਮੇਂ ਵਿੱਚ ਸ੍ਰ ਸਿਮਰਨਜੀਤ ਸਿੰਘ ਮਾਨ ਵੱਲੋਂ ਭਾਈ ਗੜਗੱਜ ਦੇ ਸਮਰਥਨ ਵਿੱਚ ਦਿੱਤਾ ਗਿਆ ਬਿਆਨ ਵੀ ਕੌਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਨਹੀਂ ਕਰਦਾ, ਕਿਉਂਕਿ ਸ੍ਰ. ਮਾਨ ਸਰਬੱਤ ਖ਼ਾਲਸਾ ਦੀ ਇੱਕ ਮਹੱਤਵਪੂਰਨ ਧਿਰ ਸਨ, ਜਿਸ ਵਿੱਚ ਕੀਤੇ ਗਏ ਫ਼ੈਸਲਿਆਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਲਈ ਉਨ੍ਹਾਂ ਨੂੰ ਆਪਣੇ ਬਿਆਨ ’ਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ।

ਉਹਨਾਂ ਕਿਹਾ ਕਿ “ਅਜਿਹੇ ਨਾਜ਼ੁਕ ਸਮੇਂ ’ਤੇ ਸਾਡੀਆਂ ਸਮੁੱਚੀਆਂ ਪੰਥਕ ਧਿਰਾਂ ਅਤੇ ਸ਼ਹੀਦ ਪਰਿਵਾਰਾਂ ਨੂੰ ਬੇਨਤੀ ਹੈ ਕਿ ਛੋਟੇ ਮੋਟੇ ਵਖਰੇਵੇਂ ਛੱਡ ਕੇ ਕੌਮ ਦੀ ਚੜ੍ਹਦੀ ਕਲਾ ਲਈ ਲੱਖਾਂ ਸਿੱਖ ਸੰਗਤਾਂ ਵੱਲੋਂ ਸਰਬੱਤ ਖ਼ਾਲਸਾ ਰਾਹੀਂ ਨਿਯੁਕਤ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਜੀ ਹਵਾਰਾ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀ ਗੈਰ ਹਾਜ਼ਰੀ ਵਿੱਚ ਭਾਈ ਧਿਆਨ ਸਿੰਘ ਮੰਡ ਨੂੰ ਕੌਮ ਦੇ ਨਾਮ ਸੰਦੇਸ਼ ਪੜ੍ਹਨ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਕੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਕੇ ਕੌਮੀ ਫ਼ਰਜ਼ ਅਦਾ ਕਰਨਾ ਲੋੜੀਂਦਾ ਹੈ।