ਪੰਜਾਬ ਦੇ ਕਿਸਾਨ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣਗੇ। ਇਹ ਫ਼ੈਸਲਾ ਮੁਹਾਲੀ ਦੇ ਸੈਕਟਰ 65 ਵਿੱਚ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਅਤੇ ਹੋਰ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਕਿਸਾਨ ਯੂਨੀਅਨ (ਮਾਨਸਾ) ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਯੂਨੀਅਨ (ਤੋਤੇਵਾਲ) ਦੇ ਪ੍ਰਧਾਨ ਸੁੱਖ ਗਿੱਲ ਮੋਗਾ ਅਤੇ ਜੰਗਵੀਰ ਸਿੰਘ ਚੌਹਾਨ ਸਮੇਤ ਹੋਰਨਾਂ ਕਿਸਾਨ ਆਗੂਆਂ ਨੇ ਹਿੱਸਾ ਲਿਆ।
ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਮੋਰਚਾ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਵਾਉਣ ਲਈ ਲਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਖੇਤੀ ਮੰਡੀਕਰਨ ਨੀਤੀ ਕਿਸਾਨਾਂ ਦੇ ਹੱਕ ਵਿਚ ਨਹੀਂ ਹੈ, ਇਸ ਲਈ ਇਸਦਾ ਵਿਰੋਧ ਲਾਜ਼ਮੀ ਹੈ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਪਿੰਡ ਪੱਧਰ ‘ਤੇ ਕਿਸਾਨਾਂ ਅਤੇ ਕਾਸ਼ਤਕਾਰਾਂ ਦੀ ਲਾਮਬੰਦੀ ਕਰਕੇ ਉਨ੍ਹਾਂ ਨੂੰ ਨੁੱਕੜ ਮੀਟਿੰਗਾਂ ਰਾਹੀਂ ਜਾਗਰੂਕ ਕੀਤਾ ਜਾਵੇਗਾ।
9 ਫਰਵਰੀ ਨੂੰ ਪੰਜਾਬ ਭਰ ਵਿੱਚ ਕਿਸਾਨ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨੂੰ ਮੰਗ ਪੱਤਰ ਦੇਣਗੇ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸਦੇ ਨਾਲ, 15 ਫਰਵਰੀ ਨੂੰ ਚੰਡੀਗੜ੍ਹ ਵਿੱਚ ਕਿਸਾਨ ਭਵਨ ‘ਚ ਸੰਯੁਕਤ ਕਿਸਾਨ ਮੋਰਚੇ ਦੀ ਹੋਰ ਰਣਨੀਤੀ ਤੈਅ ਕਰਨ ਲਈ ਇੱਕ ਹੋਰ ਮੀਟਿੰਗ ਕੀਤੀ ਜਾਵੇਗੀ।