ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਵਜੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਤੇ ਸੇਵਾ ਸੰਭਾਲ ਮਾਮਲੇ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ, ਗਿਆਨੀ ਰਘਬੀਰ ਸਿੰਘ ਨੇ ਗੰਭੀਰ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਕਾਰਵਾਈ ਦੌਰਾਨ ਸਿੱਖ ਮਰਿਆਦਾ ਦੀ ਸਖਤ ਉਲੰਘਣਾ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਨੂੰ ਦੇਸ਼-ਵਿਦੇਸ਼ ਦੀ ਸੰਗਤ ਵੱਲੋਂ ਫੋਨ ‘ਤੇ ਸੁਨੇਹੇ ਮਿਲ ਰਹੇ ਹਨ, ਜਿਨ੍ਹਾਂ ਵਿੱਚ ਮਰਿਆਦਾ ਦੀ ਉਲੰਘਣਾ ਉੱਤੇ ਰੋਸ ਪ੍ਰਗਟ ਕੀਤਾ ਗਿਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਇੱਜ਼ਤ ਨੂੰ ਬਣਾਈ ਰੱਖਣ ਚਾਹੁੰਦੇ ਹਨ ਪਰ ਉਨ੍ਹਾਂ ਤੋਂ ਸੰਗਤ ਵੱਲੋਂ ਵਿਆਪਕ ਤੌਰ ‘ਤੇ ਸਵਾਲ ਪੁੱਛੇ ਜਾ ਰਹੇ ਹਨ, ਜਿਸ ਕਾਰਨ ਉਹ ਇਸ ਮਾਮਲੇ ‘ਤੇ ਆਪਣਾ ਪੱਖ ਪ੍ਰਗਟ ਕਰ ਰਹੇ ਹਨ।
ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਦੀ ਪਰੰਪਰਾਵਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਖਾਲਸਾ ਰਵਾਇਤਾਂ ਤਹਿਤ ਹੋਣੀ ਚਾਹੀਦੀ ਹੈ। ਆਮ ਤੌਰ ‘ਤੇ, ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਅਤੇ ਨਿਹੰਗ ਸਿੰਘ ਜਥੇਬੰਦੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਤੇ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਇਆ ਜਾਂਦਾ ਹੈ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵੱਲੋਂ ਨਵੇਂ ਜਥੇਦਾਰ ਦੀ ਨਿਯੁਕਤੀ ਦਾ ਐਲਾਨ ਕੀਤਾ ਜਾਂਦਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਇਸ ਵਾਰ ਵਿਧੀ ਵਿਧਾਨ ਦੀ ਉਲੰਘਣਾ ਕਰਕੇ ਮਰਿਆਦਾ ਦਾ ਉਲੰਘਣ ਕੀਤਾ ਗਿਆ। ਸੇਵਾ-ਸੰਭਾਲ ਸਮਾਗਮ ਦੌਰਾਨ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਤੋਂ ਬਿਨਾਂ ਹੀ, ਸੁੱਖ ਆਸਣ ਅਸਥਾਨ ‘ਤੇ ਜਾ ਕੇ ਖਾਲੀ ਪਾਲਕੀ ਨੂੰ ਮੱਥਾ ਟੇਕਣ ਦੀ ਰਸਮ ਅਦਾ ਕੀਤੀ ਗਈ। ਇਸ ਸਮੇਂ ਸ਼ਸਤ੍ਰ ਵੀ ਪ੍ਰਕਾਸ਼ਤ ਨਹੀਂ ਕੀਤੇ ਗਏ ਜੋ ਕਿ ਸਿੱਖ ਪਰੰਪਰਾਵਾਂ ਦੀ ਉਲੰਘਣਾ ਹੈ।
ਇਸ ਤੋਂ ਇਲਾਵਾ, ਚੀਫ ਖਾਲਸਾ ਦੀਵਾਨ ਸਮੇਤ ਕਈ ਹੋਰ ਸਿੱਖ ਜਥੇਬੰਦੀਆਂ ਨੇ ਵੀ ਮਰਿਆਦਾ ਦੀ ਉਲੰਘਣਾ ਉੱਤੇ ਰੋਸ ਪ੍ਰਗਟ ਕੀਤਾ ਹੈ।
ਦੂਜੇ ਪਾਸੇ, ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਸੰਪੂਰਨ ਮਰਿਆਦਾ ਅਨੁਸਾਰ ਹੋਈ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਸੇਵਾ ਸੰਭਾਲ ਸਮਾਗਮ ਅੰਮ੍ਰਿਤ ਵੇਲੇ, ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਨਾਲ, ਤੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਹੋਇਆ।
ਯਾਦ ਰਹੇ ਕਿ ਕੁਝ ਦਿਨ ਪਹਿਲਾਂ, ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਦੇ ਜਥੇਦਾਰ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ ਲਿਆ ਸੀ।