ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਲੀ ਕਮੇਟੀ ਨੇ ਸੌਂਪੀ ਵੱਡੀ ਜ਼ਿੰਮੇਵਾਰੀ, ਪਾਸ ਕੀਤੇ 3 ਅਹਿਮ ਮਤੇ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਵੱਡੀ ਪੰਥਕ ਕਨਵੈਨਸ਼ਨ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾ-ਮੁਕਤੀ ਨੂੰ ਰੱਦ ਕਰ ਦਿੱਤਾ ਗਿਆ ਹੈ । ਪੰਥਕ ਕਨਵੈਨਸ਼ਨ ਵਿਚ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸ਼ਵ ਪੱਧਰ ‘ਤੇ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਲੜੀ ਜਾਰੀ ਰੱਖਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਹ ਸਿੱਖ ਸੰਸਥਾਵਾਂ ਵੱਲੋਂ ਪੂਰਾ ਸਹਿਯੋਗ ਦੇਣ ਦੀ ਗੱਲ ਕਹੀ ਗਈ।

ਇਹ ਪੰਥਕ ਕਨਵੈਨਸ਼ਨ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਹੋਈ, ਜਿੱਥੇ ਕਈ ਹੋਰ ਅਹਿਮ ਮਤੇ ਪਾਸ ਕੀਤੇ ਗਏ।
ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਜਾਰੀ ਹੁਕਮਨਾਮੇ ਨੂੰ ਲਾਗੂ ਕਰਵਾਉਣ ਦੀ ਹਮਾਇਤ ਕੀਤੀ ਗਈ।

-1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਦਾ ਸਰਨਾ ਭਰਾਵਾਂ ਵੱਲੋਂ ਮਾਣ-ਸਨਮਾਨ ਕਰਨ ਦੀ ਨਿਖੇਧੀ ਕੀਤੀ ਗਈ ਅਤੇ ਇਹ ਫੈਸਲਾ ਲਿਆ ਗਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੌਜੂਦਾ ਟੀਮ ਸੰਘਰਸ਼ ਜਾਰੀ ਰੱਖੇਗੀ ਤਾਂਕਿ ਦੋਸ਼ੀਆਂ ਨੂੰ ਨਿਆਂ ਮਿਲ ਸਕੇ।
– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਸਿਆਸਤ ਲਈ ਦਬਾਅ ਬਣਾ ਕੇ ਕਿਸੇ ਇੱਕ ਸਿਆਸੀ ਪਰਿਵਾਰ ਦੀ ਰਾਖੀ ਨਹੀਂ ਹੋ ਸਕਦੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਸਿੱਖ ਸੰਸਥਾਵਾਂ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਜੋ ਵੀ ਕਿਸੇ ਖਾਸ ਪਰਿਵਾਰ (ਬਾਦਲ ਪਰਿਵਾਰ ਵੱਲ ਇਸ਼ਾਰਾ ਕਰਦਿਆਂ ) ਦੇ ਹੁਕਮ ਤੋਂ ਬਾਹਰ ਜਾਂਦਾ ਹੈ, ਉਹਨੂੰ ਸਿਆਸੀ ਤੌਰ ‘ਤੇ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅਕਾਲੀ ਦਲ ਨੂੰ ਡੋਬਣ ਲਈ ਕੁਝ ਹੀ ਲੋਕ ਜ਼ਿੰਮੇਵਾਰ ਹਨ, ਜਿਨ੍ਹਾਂ ਵਿੱਚ 2 ਦਿੱਲੀ ਅਤੇ 8 ਪੰਜਾਬ ਤੋਂ ਹਨ। ਕਨਵੈਨਸ਼ਨ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੀ ਸ਼ਾਮਲ ਹੋਏ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਹਾਲਤ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ। ਦਾਦੂਵਾਲ ਨੇ ਗਿਆਨੀ ਰਘਬੀਰ ਸਿੰਘ ਦੀ ਅਕਾਲੀ ਫੂਲਾ ਸਿੰਘ ਨਾਲ ਤੁਲਨਾ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਪੰਥ ਵਿੱਚੋਂ ਖਾਰਜ ਕੀਤਾ ਜਾਣਾ ਚਾਹੀਦਾ ਹੈ।

ਹੁਣ ਜਦੋਂ ਇਹ ਸੱਚ ਸਾਹਮਣੇ ਆ ਗਿਆ ਹੈ ਕਿ ਬਾਦਲ ਪਰਿਵਾਰ ਅਤੇ ਕੇਂਦਰ ਸਰਕਾਰ ਦਾ ਸਿੱਖ ਸੰਸਥਾਵਾਂ ‘ਤੇ ਪੂਰਾ ਕਬਜ਼ਾ ਹੈ ਤਾਂ ਸੰਗਤ ਵੱਲੋਂ ਸਿੱਖ ਆਗੂਆਂ ਅਤੇ ਪੰਜਾਬ ਦੀ ਸਿਆਸਤ ਦੇ ਰਾਹ ਸਪੱਸ਼ਟ ਹੋ ਗਏ ਹਨ।