ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ, 6 ਜਨਵਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ 1984 ’ਚ ਤੱਤਕਾਲੀ ਕਾਂਗਰਸ ਸਰਕਾਰ ਨੇ ਫ਼ੌਜੀ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕੀਤਾ ਤੇ ਅਨੇਕਾਂ ਬੇਦੋਸ਼ੀਆਂ ਸੰਗਤਾਂ ਨੂੰ ਸ਼ਹੀਦ ਕੀਤਾ। ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਤੇ ਭਾਈ ਕੇਹਰ ਸਿੰਘ ਨੇ ਇਸ ਦਾ ਬਦਲਾ ਲੈਂਦਿਆਂ ਸਿੱਖ ਕੌਮ ਦਾ ਸਿਰ ਉੱਚਾ ਕੀਤਾ ਅਤੇ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਕੌਮ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਕੌਮੀ ਫ਼ਰਜ਼ ਹੈ ਅਤੇ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖੇਗੀ। ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ।