
ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਗਈ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਐਤਵਾਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਸਨ। ਇਸ ਮੌਕੇ 15,000 ਫੁੱਟ ਦੀ ਉਚਾਈ ‘ਤੇ ਸਥਿਤ ਗੁਰਦੁਆਰਾ ਸਾਹਿਬ ਨੂੰ ਫੁੱਲਾਂ ਅਤੇ ਰੰਗ-ਬਿਰੰਗੇ ਨਿਸ਼ਾਨਾਂ ਨਾਲ ਸਜਾਇਆ ਗਿਆ ਹੈ।ਚਾਰੇ ਪਾਸੇ ਬਰਫ ਹੀ ਬਰਫ ਹੋਣ ਦੇ ਬਾਵਜੂਦ ਸੰਗਤ ਵਿੱਚ ਗੁਰਦੁਆਰਾ ਸਾਹਿਬ ਦੀ ਯਾਤਰਾ ਦਾ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਗਲੇਸ਼ੀਅਰ ਵਿਚੋਂ ਲੰਘਦੀਆਂ ਸੰਗਤਾਂ ਦੇ ਜੈਕਾਰਿਆਂ ਨਾਲ ਅਸਮਾਨ ਗੂੰਜ ਉਠਿਆ।
ਬੀਤੇ ਦਿਨੀਂ ਰਿਸ਼ੀਕੇਸ਼ ਤੋਂ 5 ਪਿਆਰਿਆਂ ਦੀ ਅਗਵਾਈ ਵਿਚ ਪਹਿਲਾ ਜਥਾ ਰਵਾਨਾ ਹੋ ਗਿਆ ਸੀ, ਜੋ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਅਤੇ ਗੁਰਦੁਆਰਾ ਸ੍ਰੀ ਗੋਬਿੰਦ ਧਾਮ ਤੋਂ ਚੱਲ ਐਤਵਾਰ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਪਹੁੰਚ ਗਿਆ। ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਹੇਮਕੁੰਟ ਗੁਰਦੁਆਰਾ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਸਮੇਤ ਹੋਰ ਪ੍ਰਬੰਧਕ ਮੌਜੂਦ ਸਨ। ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਅਜੇ ਵੀ ਬਰਫ਼ ਹੈ ਅਤੇ ਬਰਫ਼ ਹਟਾ ਕੇ ਗੁਰਦੁਆਰੇ ਲਈ ਇੱਕ ਰਸਤਾ ਬਣਾਇਆ ਗਿਆ ਹੈ, ਜਿਸ ਰਾਹੀਂ ਸ਼ਰਧਾਲੂ ਗੁਰਦੁਆਰਾ ਸਾਹਿਬ ਪਹੁੰਚ ਰਹੇ ਹਨ।
ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਲਗਪਗ 4500 ਸ਼ਰਧਾਲੂਆਂ ਦੇ ਪਹਿਲੇ ਜਥੇ ਨੇ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ। ਜਦੋਂਕਿ 400 ਤੋਂ ਵੱਧ ਸ਼ਰਧਾਲੂ ਗੁਰਦੁਆਰਾ ਗੋਬਿੰਦ ਘਾਟ ਵਿੱਚ ਹੋਰ ਪੁੱਜੇ ਹੋਏ ਹਨ ,ਜੋ ਗੋਬਿੰਦ ਧਾਮ ਲਈ ਰਵਾਨਾ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਲਈ ਟਰੱਸਟ ਵੱਲੋਂ ਸ਼ਰਧਾਲੂਆਂ ਲਈ ਹਰ ਲੋੜੀਂਦੀ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ।