ਚੰਡੀਗੜ੍ਹ ‘ਚ ਕੇਂਦਰ ਤੇ ਕਿਸਾਨ ਆਗੂਆਂ ਵਿਚਕਾਰ MSP ਸਮੇਤ 12 ਮੰਗਾਂ ‘ਤੇ ਤੀਜੇ ਗੇੜ ਦੀ ਗੱਲਬਾਤ ਜਾਰੀ

ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ 12 ਮੰਗਾਂ ‘ਤੇ ਅੱਜ ਤੀਜੇ ਗੇੜ ਦੀ ਗੱਲਬਾਤ ਜਾਰੀ ਹੈ। ਇਹ ਮੀਟਿੰਗ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਸਵੇਰੇ 11 ਵਜੇ ਸ਼ੁਰੂ ਹੋਈ ਅਤੇ ਦੇਰ ਸ਼ਾਮ ਤੱਕ ਚੱਲਣ ਦੀ ਸੰਭਾਵਨਾ ਹੈ।

ਕੇਂਦਰ ਸਰਕਾਰ ਦੀ ਨੁਮਾਇੰਦਗੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਉਦਯੋਗ ਮੰਤਰੀ ਪਿਊਸ਼ ਗੋਇਲ ਅਤੇ ਖੁਰਾਕ ਤੇ ਖਪਤਕਾਰ ਮਾਮਲੇ ਮੰਤਰੀ ਪ੍ਰਹਿਲਾਦ ਜੋਸ਼ੀ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ਼ਾਮਲ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ 28 ਨੁਮਾਇੰਦੇ ਵੀ ਇਸ ਮੀਟਿੰਗ ਵਿੱਚ ਹਿੱਸਾ ਲੈ ਰਹੇ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹਨ।

22 ਫਰਵਰੀ ਨੂੰ ਹੋਈ ਦੂਜੇ ਗੇੜ ਦੀ ਬੈਠਕ ਦੌਰਾਨ, ਕਿਸਾਨਾਂ ਨੇ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਰੰਟੀ ਲਈ ਕੇਂਦਰ ਪਾਸੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਸੀ। ਕਿਸਾਨਾਂ ਨੇ C2+50 ਫਾਰਮੂਲੇ ਅਨੁਸਾਰ MSP ਨਿਰਧਾਰਤ ਕਰਨ ਦੀ ਮੰਗ ਕੀਤੀ ਹੈ, ਜਿਸ ਵਿੱਚ ਫਸਲ ਦੀ ਕੁੱਲ ਲਾਗਤ (C2) ਵਿੱਚ 50% ਲਾਭ ਜੋੜਨ ਦੀ ਗੱਲ ਕੀਤੀ ਗਈ ਹੈ। ਕੇਂਦਰੀ ਮੰਤਰੀਆਂ ਨੇ ਇਸ ਫਾਰਮੂਲੇ ਦੇ ਅੰਕੜਿਆਂ ‘ਤੇ ਸ਼ੰਕੇ ਪ੍ਰਗਟ ਕਰਦੇ ਹੋਏ ਇਸ ਦੀ ਵਿੱਤੀ ਸੰਭਾਵਨਾ ‘ਤੇ ਸਵਾਲ ਖੜ੍ਹੇ ਕੀਤੇ ਸਨ। ਇਸ ਤੋਂ ਬਾਅਦ, ਕਿਸਾਨ ਯੂਨੀਅਨਾਂ ਨੇ ਇੱਕ ਤਫ਼ਸੀਲੀ ਰਿਪੋਰਟ ਪੇਸ਼ ਕੀਤੀ, ਜਿਸ ‘ਤੇ ਅੱਜ ਦੀ ਮੀਟਿੰਗ ਵਿੱਚ ਮੁੱਖ ਤੌਰ ‘ਤੇ ਚਰਚਾ ਹੋਣ ਦੀ ਉਮੀਦ ਹੈ।

ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਬੈਠਕ ਤੋਂ ਪਹਿਲਾਂ ਦੱਸਿਆ ਕਿ, “ਸਾਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਸਾਡੀਆਂ 12 ਮੰਗਾਂ ਪੂਰੀਆਂ ਕਰੇਗੀ।” ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ MSP ਦੀ ਕਾਨੂੰਨੀ ਗਰੰਟੀ, C2+50 ਫਾਰਮੂਲੇ ਅਨੁਸਾਰ MSP ਨਿਰਧਾਰਤ ਕਰਨਾ, ਫਸਲ ਬੀਮਾ ਯੋਜਨਾ ਅਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਕਰਜ਼ਾ ਮੁਆਫ਼ੀ ਸ਼ਾਮਲ ਹਨ।

ਹੁਣ ਵੇਖਣਾ ਇਹ ਰਹੇਗਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੀ ਤਜਵੀਜ਼ ਪੇਸ਼ ਕਰਦੀ ਹੈ।