ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਨਵੇਂ ਹੁਕਮ ਜਾਰੀ, ਸੱਤ ਮੈਂਬਰੀ ਕਮੇਟੀ ਨੂੰ ਕਾਰਜਸ਼ੀਲ ਬਣਾਉਣ ਦੀ ਹਦਾਇਤ

ਅਕਾਲੀ ਦਲ ਦੀ ਨਵੀਂ ਭਰਤੀ ਮੁਹਿੰਮ ਨੂੰ ਲੈ ਕੇ ਅਕਾਲੀ ਦਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚਕਾਰ ਤਨਾਅ ਦੇ ਹਾਲਾਤ ਬਣਦੇ ਦਿਖ ਰਹੇ ਹਨ।

ਜਥੇਦਾਰ ਰਘਬੀਰ ਸਿੰਘ ਜੀ ਨੇ ਹੁਣ ਮੁੜ ਇਕ ਵਾਰ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਆਦੇਸ਼ ਜਾਰੀ ਕੀਤੇ ਹਨ ਕਿ 2 ਦਸੰਬਰ ਨੂੰ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੂੰ ਤੁਰੰਤ ਕਾਰਜਸ਼ੀਲ ਕੀਤਾ ਜਾਵੇ। ਜਥੇਦਾਰ ਨੇ ਕਿਹਾ ਕਿ ਕਮੇਟੀ ਦੇ ਬਿਨਾ ਭਰਤੀ ਮੁਹਿੰਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਨਾ ਹੈ। ਇਸ ਮਾਮਲੇ ‘ਤੇ ਅਗਲੇ ਦਿਨਾਂ ਵਿਚ ਪੰਜ ਸਿੰਘ ਸਾਹਿਬਾਨ ਦੀ ਇਕ ਮਹੱਤਵਪੂਰਨ ਬੈਠਕ ਹੋਣ ਦੀ ਸੰਭਾਵਨਾ ਹੈ।

ਇਸ ਕਮੇਟੀ ਵਿੱਚ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਗੁਰਪ੍ਰਤਾਪ ਸਿੰਘ ਵਡਾਲ਼ਾ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੇਦਪੁਰ, ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸਤਵੰਤ ਕੌਰ ਨੂੰ ਸ਼ਾਮਲ ਕੀਤਾ ਗਿਆ ਹੈ।ਬੀਬੀ ਜਗੀਰ ਕੌਰ ਸਮੇਤ ਕਈ ਬਾਗ਼ੀ ਅਕਾਲੀਆਂ ਨੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਭਰਤੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਮੁਹਿੰਮ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਨਾ ਹੈ, ਜਿਸ ਕਾਰਨ ਸਿੱਖ ਕੌਮ ਵਿਚ ਨਿਰਾਸ਼ਾ ਫੈਲ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਭਰ ਵਿਚ ਮੈਂਬਰਸ਼ਿਪ ਅਭਿਆਨ ਦੀ ਸ਼ੁਰੂਆਤ ਕੀਤੀ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿੱਚ ਇਸ ਅਭਿਆਨ ਦੀ ਸ਼ੁਰੂਆਤ ਕਰਦਿਆਂ 50 ਲੱਖ ਮੈਂਬਰਸ਼ਿਪ ਦਾ ਟੀਚਾ ਰੱਖਿਆ ਹੈ। ਪਾਰਟੀ ਵੱਲੋਂ ਇਹ ਮੁਹਿੰਮ ਅਕਾਲ ਤਖ਼ਤ ਦੇ ਹੁਕਮਾਂ ਦੇ ਖ਼ਿਲਾਫ਼ ਸ਼ੁਰੂ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੱਤ ਮੈਂਬਰੀ ਕਮੇਟੀ ਨੂੰ ਹੀ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ, ਪਰ ਇਸ ਦੇ ਬਾਵਜੂਦ ਕਮੇਟੀ ਨੂੰ ਦਰਕਿਨਾਰ ਕਰਕੇ ਇਹ ਮੁਹਿੰਮ ਅਗੇ ਵਧਾਈ ਜਾ ਰਹੀ ਹੈ।

ਮਾਮਲਾ ਹੁਣ ਗੰਭੀਰ ਰੂਪ ਲੈ ਚੁੱਕਾ ਹੈ। ਜਥੇਦਾਰ ਰਘਬੀਰ ਸਿੰਘ ਜੀ ਵੱਲੋਂ ਜਾਰੀ ਨਵੇਂ ਹੁਕਮ ਅਤੇ ਪੰਜ ਸਿੰਘ ਸਾਹਿਬਾਨ ਦੀ ਬੈਠਕ ਦੇ ਨਤੀਜੇ ਅਗਾਮੀ ਰੁਖ਼ ਦਾ ਨਿਰਧਾਰ ਕਰਨਗੇ।