
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਯੋਗਤਾ, ਜ਼ੁੰਮੇਵਾਰੀਆਂ ਅਤੇ ਸੇਵਾ ਮੁਕਤੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੁੱਜੇ ਸੁਝਾਵਾਂ ਨੂੰ ਵਿਚਾਰਨ ਲਈ ਜਲਦ ਹੀ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ।
ਇੱਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿਚ ਪਾਸ ਕੀਤੇ ਗਏ ਮਤੇ ਦੀ ਰੌਸ਼ਨੀ ਵਿਚ ਸਿੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ, ਬੁੱਧੀਜੀਵੀਆਂ ਅਤੇ ਸਿੱਖ ਸੰਸਥਾਵਾਂ ਪਾਸੋਂ 20 ਮਈ 2025 ਤੀਕ ਸੁਝਾਵਾਂ ਦੀ ਮੰਗ ਕੀਤੀ ਗਈ ਸੀ, ਜਿਸ ਤਹਿਤ ਵੱਡੀ ਗਿਣਤੀ ਵਿਚ ਸੁਝਾਅ ਸ਼੍ਰੋਮਣੀ ਕਮੇਟੀ ਪਾਸ ਪੁੱਜੇ ਹਨ। ਇਨ੍ਹਾਂ ਦਾ ਮੁਲਾਂਕਣ ਕਰਨ ਲਈ ਜਲਦ ਹੀ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ, ਸਿੱਖ ਸੰਸਥਾਵਾਂ ਦੇ ਆਗੂ ਅਤੇ ਸਿੱਖ ਬੁਧੀਜੀਵੀ ਸ਼ਾਮਲ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਜਗਤ ਅੰਦਰ ਲੰਮੇ ਸਮੇਂ ਤੋਂ ਜਥੇਦਾਰ ਸਾਹਿਬ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਦੇ ਸਬੰਧ ਵਿਚ ਨਿਯਮਾਵਲੀ ਬਣਾਉਣ ਸਬੰਧੀ ਮੰਗ ਅਤੇ ਚਰਚਾ ਚਲਦੀ ਆ ਰਹੀ ਹੈ। ਇਸੇ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਆਰੰਭੀ ਹੈ ਅਤੇ ਸੁਝਾਵਾਂ ਦੀ ਮੰਗ ਕੀਤੀ ਸੀ। ਹੁਣ ਪੁੱਜੇ ਸੁਝਾਵਾਂ ਨੂੰ ਵਿਚਾਰ ਕੇ ਜਲਦ ਹੀ ਨਿਯਮਾਵਲੀ ਤੈਅ ਕੀਤੀ ਜਾਵੇਗੀ।