ਜਥੇ. ਕੁਲਦੀਪ ਸਿੰਘ ਗੜਗੱਜ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ ਤਲਬ

ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਚੀਫ਼ ਖ਼ਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ ਖਿਲਾਫ਼ ਕਾਫ਼ੀ ਲੰਮੇ ਸਮੇਂ ਤੋਂ ਲਿਖ਼ਤੀ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਨਾਂ ਇੱਕ ਪੱਤਰ ਭੇਜਿਆ ਗਿਆ ਹੈ ਅਤੇ ਜਥੇਦਾਰ ਵੱਲੋਂ ਸਮੁੱਚੀ ਕਾਰਜਕਾਰਨੀ ਕਮੇਟੀ ਨੂੰ ਤਲਬ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਸ ਪੱਤਰ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ ਨੂੰ ਹੁਕਮ ਦਿੱਤਾ ਹੈ ਕਿ ਉਹ 15 ਦਿਨਾਂ ਦੇ ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣਾ ਪੱਖ ਰੱਖਣ। ਜ਼ਿਕਰਯੋਗ ਹੈ ਇਹ ਪੱਤਰ ਹੁਣ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਰਿਹਾ ਹੈ, ਜਿਸ ਨਾਲ ਸਿੱਖ ਸੰਗਤ ਵਿੱਚ ਵੱਡੀ ਚਰਚਾ ਚੱਲ ਰਹੀ ਹੈ। ਪੱਤਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਿੱਧਾ ਸੰਬੰਧਤ ਪੱਖੋਂ ਜਵਾਬ ਮੰਗਿਆ ਹੈ। ਚੀਫ ਖਾਲਸਾ ਦੀਵਾਨ ਸਿੱਖ ਕੌਮ ਦੀ ਪ੍ਰਾਚੀਨ ਅਤੇ ਪ੍ਰਭਾਵਸ਼ਾਲੀ ਧਾਰਮਿਕ ਸੰਸਥਾ ਹੈ, ਜਿਸ ਦੇ ਅਹੁਦੇਦਾਰਾਂ ਵੱਲੋਂ ਹੁਣ ਇਸ ਮਾਮਲੇ ’ਚ ਕੀ ਪੱਖ ਰੱਖਿਆ ਜਾਂਦਾ ਹੈ, ਇਸ ਉੱਤੇ ਸਾਰੀ ਕੌਮ ਦੀ ਨਜ਼ਰ ਟਿਕੀ ਹੋਈ ਹੈ।