7 views 0 secs 0 comments

ਜਮਸ਼ੇਦਪੁਰ ਦੀਆਂ ਸਮੂਹ ਸਿੰਘ ਸਭਾਵਾਂ, ਨੌਜਵਾਨ ਤੇ ਇਸਤਰੀ ਸਭਾਵਾਂ ਨਾਲ ਹੋਈ ਵਿਸ਼ੇਸ਼ ਇਕੱਤਰਤਾ

ਦੇਸ਼
October 07, 2025

ਰਾਮਗੜ੍ਹੀਆ ਸਭਾ ਹਾਲ ਜਮਸ਼ੇਦਪੁਰ (ਝਾਰਖੰਡ) ਵਿਖੇ ਇੱਕ ਵਿਸ਼ੇਸ਼ ਇਕੱਤਰਤਾ ਕੀਤੀ ਗਈ, ਜਿਸ ਵਿੱਚ ਟਾਟਾ ਨਗਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ, ਇਸਤਰੀ ਸਭਾਵਾਂ, ਨੌਜਵਾਨ ਸਭਾਵਾਂ ਅਤੇ ਹੋਰ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ। ਇਹ ਇਕੱਤਰਤਾ ਸਿੱਖ ਕੌਮ ਦੀ ਚੜ੍ਹਦੀ ਕਲਾ, ਸਿੱਖੀ ਦੇ ਪ੍ਰਚਾਰ ਪ੍ਰਸਾਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਤੇ ਫ਼ਲਸਫ਼ੇ ਨੂੰ ਅੱਗੇ ਵਧਾਉਣ ਲਈ ਸਾਂਝੇ ਯਤਨਾਂ ਉੱਤੇ ਕੇਂਦ੍ਰਿਤ ਸੀ। ਸੰਗਤ ਨਾਲ ਗੁਰਮਤਿ ਦੀ ਰੌਸ਼ਨੀ ਵਿੱਚ ਚਰਚਾ ਹੋਈ ਕਿ ਸਾਰੀਆਂ ਸਿੱਖ ਸੰਸਥਾਵਾਂ ਇਕਜੁੱਟ ਹੋ ਕੇ ਕੌਮ ਦੀ ਮਜ਼ਬੂਤੀ, ਏਕਤਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਣ ਲਈ ਕਿਵੇਂ ਯਤਨ ਕਰ ਸਕਦੀਆਂ ਹਨ।
ਇਸ ਮੌਕੇ ਇਹ ਵੀ ਵਿਚਾਰਿਆ ਗਿਆ ਕਿ ਜਮਸ਼ੇਦਪੁਰ ਵਿੱਚ ਚੱਲ ਰਹੀਆਂ ਸਿੱਖ ਸੰਸਥਾਵਾਂ ਵੱਲੋਂ ਲੋੜਵੰਦ ਸਿੱਖ ਪਰਿਵਾਰਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਕਿਹੜੀਆਂ ਨੀਤੀਆਂ ਬਣਾਈਆਂ ਜਾਣ। ਵਿਸ਼ੇਸ਼ ਤੌਰ ‘ਤੇ ਇਹ ਯਕੀਨੀ ਬਣਾਉਣ ਉੱਤੇ ਜ਼ੋਰ ਦਿੱਤਾ ਗਿਆ ਕਿ ਕੋਈ ਵੀ ਸਿੱਖ ਬੱਚਾ ਵਿੱਦਿਆ ਤੋਂ ਵਾਂਝਾ ਨਾ ਰਹੇ। ਗੁਰਦੁਆਰਿਆਂ ਵਿੱਚ ਸੇਵਾ ਨਿਭਾਅ ਰਹੇ ਗ੍ਰੰਥੀ ਸਿੰਘਾਂ, ਰਾਗੀ ਜਥਿਆਂ ਅਤੇ ਸੇਵਾਦਾਰਾਂ ਦੇ ਪਰਿਵਾਰਾਂ ਦਾ ਖ਼ਾਸ ਕਰਕੇ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਦਾ ਖ਼ਾਸ ਧਿਆਨ ਰੱਖਣ ਦੀ ਅਪੀਲ ਕੀਤੀ ਗਈ।