ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਗ੍ਰੰਥੀ ਸਿੰਘਾਂ ਵੱਲੋਂ ਅਹਿਮ ਇਕੱਤਰਤਾ

ਮੋਹਾਲੀ-‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਵਿੱਚ ਧਾਰਮਿਕ ਮਸਲਿਆਂ ਸੰਬੰਧੀ ਖ਼ਦਸ਼ਿਆਂ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਸਮੂਹ ਗ੍ਰੰਥੀ ਸਿੰਘਾਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਿੰਘਾਂ ਵੱਲੋਂ ਇਸ ਐਕਟ ’ਤੇ ਵਿਚਾਰ-ਵਟਾਂਦਰਾ ਕਰਦਿਆਂ ਇਸ ਕਾਨੂੰਨ ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ।
ਗ੍ਰੰਥੀ ਸਿੰਘਾਂ ਨੇ ਸਪਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲਿਆਂ ਸੰਬੰਧੀ ਸਖ਼ਤ ਕਾਨੂੰਨ ਬਣਨਾ ਚਾਹੀਦਾ ਹੈ। ਪਰੰਤੂ, ਇਸ ਕਾਨੂੰਨ ਤਹਿਤ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਅਤੇ ਗ੍ਰੰਥੀ ਸਿੰਘਾਂ ’ਤੇ ਕਾਨੂੰਨੀ ਪਾਬੰਦੀਆਂ ਸਿੱਖਾਂ ਦੀ ਅੰਦਰੂਨੀ ਮਰਯਾਦਾ ਵਿੱਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਗ੍ਰੰਥੀ ਸਿੰਘਾਂ ਅਤੇ ਪ੍ਰਬੰਧਕ ਕਮੇਟੀਆਂ ’ਤੇ ਬਿਨਾਂ ਕਿਸੇ ਦੋਸ਼ ਦੇ ਸਤਿਕਾਰ ਐਕਟ 2026 ਤਹਿਤ ਪਰਚੇ ਦਰਜ ਕੀਤੇ ਜਾਣਗੇ ਤਾਂ ਕੋਈ ਵੀ ਸਿੱਖ ਕਾਨੂੰਨ ਦੇ ਡਰ ਤੋਂ ਪ੍ਰਬੰਧਕ ਕਮੇਟੀਆਂ ਅਤੇ ਗ੍ਰੰਥੀ ਸਿੰਘ ਵਜੋਂ ਗੁਰਦੁਆਰਾ ਸਾਹਿਬਾਨ ਵਿਖੇ ਸੇਵਾਵਾਂ ਨਹੀਂ ਨਿਭਾਵੇਗਾ।
ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਗ੍ਰੰਥੀ ਸਿੰਘਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਰਾਇ ਦਿੱਤੀ ਕਿ ਉਹ ਸਿੱਖ ਸੰਸਥਾਵਾਂ ਅਤੇ ਪ੍ਰਬੋਧ ਸਿੱਖ ਵਿਦਵਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਕਾਨੂੰਨ ਵਿੱਚੋਂ ਉਹ ਮੱਦਾਂ ਤੁਰੰਤ ਹਟਵਾਉਣ ਜੋ ਸਿੱਖ ਜਗਤ ਦੇ ਵਿਰੁੱਧ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ “ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਸਰਵਉੱਚਤਾ ਸਭ ਤੋਂ ਉੱਪਰ ਹੈ। ਖ਼ਾਲਸਾ ਪੰਥ ਆਪਣੀ ਮਰਯਾਦਾ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ, ਪਰ ਇਸ ਕਾਨੂੰਨ ਦੇ ਨਾਂ ‘ਤੇ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਕਿਸਮ ਦੀ ਦਖ਼ਲਅੰਦਾਜ਼ੀ ਸਾਨੂੰ ਮਨਜ਼ੂਰ ਨਹੀਂ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੌਮ ਦੀਆਂ ਧਾਰਮਿਕ ਭਾਵਨਾਵਾਂ ਅਤੇ ਪਰੰਪਰਾਵਾਂ ਦਾ ਸਨਮਾਨ ਕਰਦਿਆਂ ਇਸ ਕਾਨੂੰਨ ਵਿੱਚ ਤੁਰੰਤ ਜ਼ਰੂਰੀ ਸੋਧ ਕਰੇ।”
ਉਨ੍ਹਾਂ ਵਿਚਾਰ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਫ਼ੈਸਲੇ ਸਾਡੇ ਲਈ ਅਟੱਲ ਹਨ। ਸਰਕਾਰ ਨੂੰ ਪੰਥਕ ਰਵਾਇਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਪੂਰੀ ਦ੍ਰਿੜ੍ਹਤਾ ਨਾਲ ਕਰਨੀ ਚਾਹੀਦੀ ਹੈ। ਅਸੀਂ ਗੁਰੂ-ਪੰਥ ਦੀ ਚੜ੍ਹਦੀ ਕਲਾ ਲਈ ਇਨ੍ਹਾਂ ਫ਼ੈਸਲਿਆਂ ‘ਤੇ ਪਹਿਰਾ ਦੇਣ ਲਈ ਵਚਨਬੱਧ ਹਾਂ।
ਇਸ ਇਕੱਤਰਤਾ ਵਿੱਚ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਮੁੱਖ ਗ੍ਰੰਥੀ ਗਿਆਨੀ ਚਰਨਜੀਤ ਸਿੰਘ, ਵਧੀਕ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ, ਗਿਆਨੀ ਮੇਜਰ ਸਿੰਘ, ਗ੍ਰੰਥੀ ਗਿਆਨੀ ਸੁਖਦੇਵ ਸਿੰਘ, ਪ੍ਰਚਾਰਕ ਭਾਈ ਜਤਿੰਦਰ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਗ੍ਰੰਥੀ ਸਿੰਘ ਅਤੇ ਪੰਥਕ ਸ਼ਖ਼ਸੀਅਤਾਂ ਸ਼ਾਮਲ ਸਨ।