ਡਾ. ਅੰਬੇਦਕਰ ਦੇ ਬੁੱਤ ਵਾਲੀ ਘਟਨਾ ਨੂੰ ਸ੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੋਮਣੀ ਕਮੇਟੀ ਨਾਲ ਜੋੜਨਾ ਅਤਿ ਨਿੰਦਣਯੋਗ

ਸਾਬਕਾ ਸਾਂਸਦ ਸ੍ਰੀ ਵਿਜੇ ਸਾਂਪਲਾ ਵੱਲੋਂ ਸ੍ਰੀ ਅੰਮ੍ਰਿਤਸਰ ਵਿਖੇ ਕੋਤਵਾਲੀ ਨਜ਼ਦੀਕ ਲੱਗੇ ਡਾ. ਬੀ ਆਰ ਅੰਬੇਡਕਰ ਜੀ ਦੇ ਬੁੱਤ ਨਾਲ ਕਿਸੇ ਵਿਅਕਤੀ ਵੱਲੋਂ ਛੇੜਛਾੜ ਕਰਨ ਦੀ ਕੀਤੀ ਹਰਕਤ ’ਤੇ ਪ੍ਰਤੀਕਰਮ ਦਿੰਦਿਆਂ ਇਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਨਾਲ ਜੋੜਨਾ ਬਿਲਕੁਲ ਗਲਤ ਹੈ। ਇਹ ਬੁੱਤ ਪਾਰਟੀਸ਼ਨ ਮਿਊਜ਼ਿਅਮ ਅਤੇ ਕੋਤਵਾਲੀ ਦੇ ਨਜ਼ਦੀਕ ਪੈਂਦਾ ਹੈ ਜਿੱਥੇ ਹਰ ਤਰ੍ਹਾਂ ਦੀ ਜਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੈ। ਭਾਵੇਂ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਗਲਿਆਰਾ ਇਲਾਕਾ ਵੀ ਸਰਕਾਰੀ ਪ੍ਰਬੰਧਾਂ ਹੇਠ ਹੈ ਪਰੰਤੂ ਬੁੱਤ ਤਾਂ ਉੱਥੋਂ ਕਰੀਬ ਇੱਕ ਕਿਲੋਮੀਟਰ ਦੀ ਦੂਰੀ ਉੱਤੇ ਸਥਿਤ ਹੈ। ਸਿੱਖ ਸੰਸਥਾ ਡਾ. ਅੰਬੇਡਕਰ ਜੀ ਦਾ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦੀ ਵੀ ਨਿੰਦਾ ਕਰਦੀ ਹੈ। ਪਰੰਤੂ ਸ੍ਰੀ ਵਿਜੇ ਸਾਂਪਲਾ ਵੱਲੋਂ ਇਸ ਘਟਨਾ ਨੂੰ ਸ੍ਰੀ ਹਰਿਮੰਦਰ ਸਾਹਿਬ ਨਾਲ ਜੋੜ ਕੇ ਸਵਾਲ ਕਰਨੇ ਸੰਗਤ ਅਤੇ ਲੋਕਾਂ ਵਿੱਚ ਭੁਲੇਖਾ ਪੈਦਾ ਕਰਨ ਦੀ ਹਰਕਤ ਹੈ, ਜੋ ਕਿ ਅਤਿ ਨਿੰਦਣਯੋਗ ਹੈ। ਅਜਿਹੀ ਮਨਘੜਤ ਬਿਆਨਬਾਜ਼ੀ ਅਤੇ ਇਲਜ਼ਾਮਬਾਜ਼ੀ ਠੀਕ ਨਹੀਂ ਹੈ ਇਸ ਲਈ ਸ੍ਰੀ ਸਾਂਪਲਾ ਨੂੰ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ, ਕਿਉਂਕਿ ਸੰਗਤ ਅੰਦਰ ਕਿਸੇ ਵੀ ਤਰ੍ਹਾਂ ਦਾ ਭੁਲੇਖਾ ਬਣਿਆ ਰਹਿਣਾ ਠੀਕ ਨਹੀਂ ਹੈ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਸਪਸ਼ਟੀਕਰਨ ਦੀ ਗੱਲ ਕਰਨੀ ਵੀ ਉਚਿਤ ਨਹੀਂ ਹੈ।

ਵੱਲੋਂ: ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ