109 views 0 secs 0 comments

ਦਿੱਲੀ ਗੁਰਦੁਆਰਾ ਕਮੇਟੀ ਦੀ ਬੇਨਤੀ ’ਤੇ ਭਾਰਤ ਸਰਕਾਰ ਨੇ ਗੁਰਪੁਰਬ ’ਤੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਆਗਿਆ

ਦੇਸ਼
October 03, 2025

ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ ਨੇ  ਕੀਤਾ ਭਾਰਤ ਸਰਕਾਰ ਦਾ ਧੰਨਵਾਦ
ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਦਿੱਲੀ ਗੁਰਦੁਆਰਾ ਕਮੇਟੀ ਦੀ ਅਪੀਲ ’ਤੇ ਐਤਕੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸਿੱਖ ਜੱਥਾ ਪਾਕਿਸਤਾਨ ਨਾ ਭੇਜਣ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ ਤੇ ਹੁਣ ਵਿਦੇਸ਼ ਮੰਤਰਾਲੇ ਨੇ 3 ਹਜ਼ਾਰ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਆਗਿਆ ਦੇ ਦਿੱਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਕੇਂਦਰ ਸਰਕਾਰ ਨੇ ਇਕ ਹੁਕਮ ਜਾਰੀ ਕੀਤਾ ਸੀ ਕਿ ਐਤਕੀਂ ਗੁਰਪੁਰਬ ’ਤੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਜਾਵੇਗਾ। ਇਸ ਉਪਰੰਤ ਦਿੱਲੀ ਗੁਰਦੁਆਰਾ ਕਮੇਟੀ ਨੇ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਤੇ ਸਰਕਾਰ ਨੂੰ ਦੱਸਿਆ ਕਿ ਇਹ ਮਸਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਹਨਾਂ ਕਿਹਾ ਕਿ ਜੇਕਰ ਦੋਵਾਂ ਦੇਸ਼ਾਂ ਦਰਮਿਆਨ ਕ੍ਰਿਕਟ ਮੈਚ ਹੋ ਸਕਦੇ ਹਨ ਤਾਂ ਫਿਰ ਸ਼ਰਧਾਲੂਆਂ ਦਾ ਜੱਥਾ ਭੇਜਣ ਵਿਚ ਕੋਈ ਮੁਸ਼ਕਿਲ ਨਹੀਂ ਹੋਣੀ ਚਾਹੀਦੀ।
ਉਹਨਾਂ ਦੱਸਿਆ ਕਿ ਹੁਣ ਵਿਦੇਸ਼ ਮੰਤਰਾਲੇ ਨੇ ਗੁਰਪੁਰਬ ’ਤੇ ਜੱਥਾ ਭੇਜਣ ਦਾ ਫੈਸਲਾ ਕੀਤਾ ਹੈ। ਉਹਨਾਂ ਨੇ ਫੈਸਲੇ ਲਈ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਦਾ ਧੰਨਵਾਦ ਕੀਤਾ।
ਦੋਵਾਂ ਆਗੂਆਂ ਨੂੰ ਸਿੱਖ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਪਾਸਪੋਰਟ ਤੁਰੰਤ ਜਮ੍ਹਾਂ ਕਰਵਾਉਣ ਤਾਂ ਜੋ ਉਹਨਾਂ ਦੀ ਜਾਂਚ ਉਪਰੰਤ ਪ੍ਰਵਾਨਗੀ ਸਮੇਂ ਸਿਰ ਮਿਲ ਸਕੇ।