ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖੇਤਰ ਵਿੱਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ ਵਿਸ਼ੇ ’ਤੇ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਲਈ 10 ਹਾਈ ਪਾਵਰ ਕਮੇਟੀਆਂ ਦਾ ਗਠਨ

 

ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਆਰਟੀਫਿਸ਼ਅਲ ਇੰਟੈਲੀਜੈਂਸ ਦੇ ਯੁਗ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਹੋਵੇਗਾ ਰੋਡ ਮੈਪ ਤਿਆਰ- ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ “ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖੇਤਰ ਵਿੱਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ” ਵਿਸ਼ੇ ’ਤੇ ਹੋ ਰਹੀ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਨੂੰ ਸੁਚੱਜੇ ਅਤੇ ਵਿਧੀਵਤ ਢੰਗ ਨਾਲ ਕਰਵਾਉਣ ਲਈ 10 ਹਾਈ ਪਾਵਰ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਇਨ੍ਹਾਂ ਦਸਾਂ ਹਾਈ ਪਾਵਰ ਕਮੇਟੀਆਂ ਦੀ ਪਲੇਠੀ ਮੀਟਿੰਗ ਨੂੰ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਾਨਫਰੰਸ ਦੇ ਉਦੇਸ਼ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਵਿਸ਼ਵ ਪੰਜਾਬੀ ਕਾਨਫਰੰਸ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਇੱਕ ਇਤਿਹਾਸਕ ਕਦਮ ਸਾਬਤ ਹੋਵੇਗੀ।
ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਕਾਨਫਰੰਸ ਦਾ ਮੁੱਖ ਮਕਸਦ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੇ ਦੌਰ ਵਿੱਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਨਵੀਂ ਦਿਸ਼ਾ ਦੇਣਾ ਹੈ, ਤਾਂ ਜੋ ਪੰਜਾਬੀ ਨੂੰ ਗਲੋਬਲ ਪੱਧਰ ’ਤੇ ਹੋਰ ਮਜ਼ਬੂਤੀ ਮਿਲ ਸਕੇ। ਉਨ੍ਹਾਂ ਸਾਰੀਆਂ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਦਿਨ-ਰਾਤ ਇੱਕ ਕਰਕੇ ਇਸ ਕਾਨਫਰੰਸ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ।
ਉਨ੍ਹਾਂ ਇਹ ਵੀ ਕਿਹਾ ਕਿ ਤਿੰਨ ਦਿਨਾਂ ਦੌਰਾਨ ਵਿਸ਼ਵ ਪੱਧਰ ਦੇ ਵਿਦਵਾਨ ਆਪਣੇ ਵਿਚਾਰ ਸਾਂਝੇ ਕਰਨਗੇ ਅਤੇ ਇੱਕ ਢੁੱਕਵਾਂ ਰੋਡ ਮੈਪ ਤਿਆਰ ਕੀਤਾ ਜਾਵੇਗਾ, ਜਿਸ ਦੇ ਆਧਾਰ ’ਤੇ ਭਵਿੱਖ ਵਿੱਚ ਪੰਜਾਬੀ ਭਾਸ਼ਾ ਅਤੇ ਪੰਜਾਬੀਅਤ ਦੇ ਵਿਕਾਸ ਲਈ ਨੀਤੀਆਂ ਅਤੇ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ।
ਇਸ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਦੇ ਕਨਵੀਨਰ ਪ੍ਰੋਫੈਸਰ ਮਨਜਿੰਦਰ ਸਿੰਘ (ਮੁਖੀ, ਪੰਜਾਬੀ ਅਧਿਐਨ ਸਕੂਲ) ਹੋਣਗੇ।
ਕਾਨਫਰੰਸ ਨੂੰ ਉੱਚ ਪੱਧਰ ’ਤੇ ਸਫਲ ਬਣਾਉਣ ਲਈ ਕੁੱਲ ਦਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਪ੍ਰਬੰਧਕੀ ਕਮੇਟੀ, ਸਨਮਾਨ ਪੱਤਰ ਤੇ ਪ੍ਰਕਾਸ਼ਨ ਕਮੇਟੀ, ਰੀਫਰੈਸ਼ਮੈਂਟ ਕਮੇਟੀ, ਹੋਸਪਿਟੈਲਿਟੀ ਕਮੇਟੀ, ਵੇਂਡਰ ਅਤੇ ਖਰੀਦ ਕਮੇਟੀ, ਫਾਇਨੈਂਸ ਤੇ ਪਰਚੇਜ਼ ਕਮੇਟੀ, ਆਈਟੀ ਕਮੇਟੀ, ਵਾਹਨ ਅਤੇ ਟਰਾਂਸਪੋਰਟੇਸ਼ਨ ਕਮੇਟੀ, ਵੈਨਿਊ ਮੈਨੇਜਮੈਂਟ ਤੇ ਸਿਟਿੰਗ ਅਰੇਂਜਮੈਂਟ ਕਮੇਟੀ, ਇਨਸੈਪਸ਼ਨ, ਸਟੇਜ, ਲਾਈਟਸ, ਸਾਊਂਡ ਅਤੇ ਸਟੇਸ਼ਨਰੀ ਕਮੇਟੀ ਅਤੇ ਪ੍ਰੈਸ ਤੇ ਮੀਡੀਆ ਕਮੇਟੀ ਸ਼ਾਮਲ ਹਨ।
ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਵੱਲੋਂ ਇਨ੍ਹਾਂ ਸਾਰੀਆਂ ਕਮੇਟੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਹਾਈ ਪਾਵਰ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਵੀ ਹੋ ਚੁੱਕੀ ਹੈ। ਇਸ ਮੀਟਿੰਗ ਦੌਰਾਨ 20, 21 ਅਤੇ 22 ਫਰਵਰੀ ਨੂੰ ਹੋਣ ਵਾਲੇ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ ਗਈ।
ਉਪ ਕੁਲਪਤੀ ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਇਹ ਵਿਸ਼ਵ ਪੰਜਾਬੀ ਕਾਨਫਰੰਸ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਇਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਵਿੱਚ ਵਿਸ਼ਵ ਪੱਧਰ ਦੀਆਂ ਕਈ ਪ੍ਰਸਿੱਧ ਸ਼ਖਸੀਅਤਾਂ ਸ਼ਿਰਕਤ ਕਰਨਗੀਆਂ ਅਤੇ ਪੰਜ ਪ੍ਰਮੁੱਖ ਵਿਦਵਾਨਾਂ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਜਾਵੇਗਾ।
ਤਿੰਨ ਦਿਨਾਂ ਦੌਰਾਨ ਵਿਦਵਾਨ ਪੰਜਾਬੀ, ਪੰਜਾਬ ਅਤੇ ਪੰਜਾਬੀਅਤ ਦੇ ਸੰਦਰਭ ਵਿੱਚ ਆਰਟੀਫ਼ਿਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ ’ਤੇ ਗਹਿਰਾਈ ਨਾਲ ਵਿਚਾਰ-ਵਟਾਂਦਰਾ ਕਰਨਗੇ। ਕਾਨਫਰੰਸ ਦਾ ਮੁੱਖ ਉਦੇਸ਼ ਭਵਿੱਖ ਦੀਆਂ ਪੀੜ੍ਹੀਆਂ ਲਈ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਵਿਕਾਸ, ਪ੍ਰਚਾਰ ਅਤੇ ਪ੍ਰਸਾਰ ਲਈ ਇੱਕ ਪ੍ਰਭਾਵਸ਼ਾਲੀ ਰੋਡ ਮੈਪ ਤਿਆਰ ਕਰਨਾ ਹੈ, ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਇਸਨੂੰ ਅਮਲੀ ਰੂਪ ਵਿੱਚ ਲਾਗੂ ਕੀਤਾ ਜਾ ਸਕੇ।