
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਗੱਲਬਾਤ ਕਰਨ ਲਈ ਇਕ ਵਫ਼ਦ ਦਾ ਗਠਨ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੇ ਗਏ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਚਨ ਸਿੰਘ ਕਰਮੂੰਵਾਲਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਕੋਆਰਡੀਨੇਟਰ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੂੰ ਲਗਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਦੇ ਓਐਸਡੀ ਸ. ਸਤਬੀਰ ਸਿੰਘ ਨੇ ਦੱਸਿਆ ਕਿ ਗਠਤ ਕੀਤਾ ਗਿਆ ਵਫ਼ਦ ਜਲਦ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਪੰਜ ਪਿਆਰੇ ਸਾਹਿਬਾਨ ਗੱਲਬਾਤ ਕਰੇਗਾ।
ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨਿਆਂ ਸੀ। ਪੰਜ ਪਿਆਰਿਆਂ ਨੇ ਹੁਕਮਨਾਮਾ ਜਾਰੀ ਕਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਜਥੇਦਾਰ ਗੜਗੱਜ ਨੂੰ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਜਾਰੀ ਹੁਕਮਨਾਮੇ ਵਿਚ ਕਿਹਾ ਗਿਆ ਹੈ ਕਿ ਜਥੇਦਾਰ ਨੂੰ ਸਿਆਸੀ ਘਟਨਾਕ੍ਰਮ ਦੇ ਚੱਲਦੇ ਥਾਪਿਆ ਗਿਆ ਹੈ, ਜੋ ਕਿ ਨਿਯਮਾਂ ਦੇ ਉਲਟ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।
ਕੀ ਹੈ ਪੂਰਾ ਮਾਮਲਾ?
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ‘ਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਉੱਥੋਂ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਬਲਦੇਵ ਸਿੰਘ ਕੋਲੋਂ ਪੰਜ ਪਿਆਰੇ ਨਿਯਤ ਕਰਕੇ ਪੰਜ ਦਿਨਾਂ ਦੇ ਅੰਦਰ-ਅੰਦਰ ਪੰਜ ਬਾਣੀਆਂ ਦਾ ਪਾਠ ਜੁਬਾਨੀ ਸੁਣ ਕੇ ਇਸ ਦੀ ਵੀਡੀਓਗ੍ਰਾਫੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਦਾ ਆਦੇਸ਼ ਹੋਇਆ ਸੀ।ਪਰੰਤੂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਉਕਤ ਆਦੇਸ਼ ਦੀ ਪਾਲਣਾ ਨਹੀਂ ਕੀਤੀ, ਸੋ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਆਦੇਸ਼ ਹੋਇਆ ਕਿ ਭਾਈ ਬਲਦੇਵ ਸਿੰਘ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਅਤੇ ਹੋਰ ਪੰਥਕ ਸੇਵਾਵਾਂ ਨਿਭਾਉਣ ਦੇ ਯੋਗ ਨਹੀਂ ਹਨ।ਜਿਸ ਤੋਂ ਬਾਅਦ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਵੀ ਹੁਕਮਨਾਮੇ ਜਾਰੀ ਕੀਤੇ ਸਨ।