
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ 355ਵਾਂ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਮਿਤੀ 06 ਅਕਤੂਬਰ ਨੂੰ ਸ੍ਰੀ ਸਹਿਜ ਪਾਠ ਸਾਹਿਬ ਜੀ ਦਾ ਪਾਠ ਆਰੰਭ ਕਰਵਾਇਆ ਗਿਆ ਸੀ ਜਿਸ ਦਾ ਪਾਠ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਵੱਲੋਂ ਹੀ ਕੀਤਾ ਗਿਆ। ਜਨਮ ਦਿਹਾੜੇ ਨਾਲ ਸੰਬੰਧਿਤ ਕਾਲਜ ਦੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਪ੍ਰਭਾਤ ਫੇਰੀਆਂ ਵੀ ਕੱਢੀਆਂ ਗਈਆਂ। ਮਿਤੀ 16 ਅਕਤੂਬਰ ਨੂੰ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਜਿਸ ਉਪਰੰਤ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਭਾਈ ਮਨਜਿੰਦਰ ਸਿੰਘ ਜੀ ਵੱਲੋਂ ਸੰਗਤ ਨੂੰ ਰਸਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਭਾਈ ਜਗਦੀਪ ਸਿੰਘ ਜੀ ਵੱਲੋਂ ਕਥਾ-ਵੀਚਾਰ ਕੀਤੀ ਗਈ। ਉਪਰੰਤ ਗੁਰੂ ਦਾ ਲੰਗਰ ਵਰਤਾਇਆ ਗਿਆ ਅਤੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸੇਵਾ ਕੀਤੀ ਗਈ।
ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਅਵਤਾਰ ਸਿੰਘ ਰੀਆ ਅਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਸ. ਹਰਜਿੰਦਰ ਸਿੰਘ ਧਾਮੀ ਨੇ ਕਾਲਜ ਵੱਲੋਂ ਸਵੈ-ਸੇਵਾ ਨਾਲ ਕਰਵਾਏ ਗਏ ਸਹਿਜ ਪਾਠ ਦੀ ਪ੍ਰਸੰਸਾ ਕਰਦਿਆਂ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ ਦੱਸੇ ਗਏ ਆਦਰਸ਼ਾਂ ਅਤੇ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਸਲਾਹ ਦਿੱਤੀ। ਇਸ ਮੌਕੇ ਹਾਜ਼ਰੀ ਭਰਨ ਵਾਲੀਆਂ ਸ਼ਖਸੀਅਤਾਂ ਵਿੱਚ ਟਰੱਸਟ ਮੈਂਬਰ ਸ. ਰਵਿੰਦਰ ਸਿੰਘ ਖਾਲਸਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਸ. ਰਣਜੀਤ ਸਿੰਘ ਅਤੇ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਵੀ ਸ਼ਾਮਲ ਸਨ। ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਵੱਲੋਂ ਸਾਰੇ ਟਰੱਸਟੀ ਸਾਹਿਬਾਨ, ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ ਗਿਆ।