
ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਜੀ ਨੇ ਬੁੱਢਾ ਦਲ ਦੀ ਛਾਉਣੀ ‘ਤੇ ਧਾਰਾ 145 ਲਗਾਉਣ ਨੂੰ ਸਰਾਸਰ ਗਲਤ ਕਰਾਰ ਦਿੱਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਚੀ ਗਈ ਚਾਲ ਹੈ ਜੋ ਸਿਰਫ ਸਿਆਸੀ ਵਿਰੋਧੀਆਂ ‘ਤੇ ਦਬਾਅ ਬਣਾਉਣ ਲਈ ਕੀਤੀ ਗਈ ਹੈ।
ਬਾਬਾ ਬਲਬੀਰ ਸਿੰਘ ਨੇ ਪੁਲਿਸ-ਪ੍ਰਸ਼ਾਸਨ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਅਣਗਹਿਲੀ ਕਾਰਨ ਦਲ ਪੰਥ ਬੁੱਢਾ ਦਲ ਦੇ ਮਹਾਨ ਪਾਵਨ ਅਸਥਾਨ ਦੀ ਬੇਅਦਬੀ ਹੋ ਰਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਜੇਕਰ ਕਿਸੇ ਧਿਰ ਕੋਲ ਪੂਰੇ ਅਤੇ ਠੀਕ ਦਸਤਾਵੇਜ਼ ਹਨ, ਤਾਂ ਉਸੇ ਨੂੰ ਬਿਨਾਂ ਕਿਸੇ ਦੇਰੀ ਦੇ ਗੁਰੂ ਘਰ ਦੀ ਸੇਵਾ ਸੌਂਪਣੀ ਚਾਹੀਦੀ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸੇਵਾ ਸੰਭਾਲ ਗੁਰਮਰਿਆਦਾ ਅਨੁਸਾਰ ਹੋਣੀ ਚਾਹੀਦੀ ਹੈ, ਨਾ ਕਿ ਸਿਆਸੀ ਦਬਾਅ ਹੇਠ।