
ਖਡੂਰ ਸਾਹਿਬ ਤੋਂ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਬਜਟ ਇਜਲਾਸ ਵਿੱਚ ਹਿੱਸਾ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਅਦਾਲਤ ਪਾਸੋਂ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਹੋਰ ਸੰਬੰਧਤ ਧਿਰਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਉਨ੍ਹਾਂ ਨੇ ਦਰਸਾਇਆ ਕਿ ਸੰਸਦ ਵਿੱਚ ਹਾਜ਼ਰ ਰਹਿਣਾ ਉਨ੍ਹਾਂ ਦੇ ਸੰਵਿਧਾਨਕ ਹੱਕਾਂ ਵਿੱਚ ਸ਼ਾਮਲ ਹੈ।
ਪਟੀਸ਼ਨ ਵਿੱਚ ਇਹ ਵੀ ਦਲੀਲ ਦਿੱਤੀ ਗਈ ਕਿ ਉਨ੍ਹਾਂ ਨੂੰ ਇਜਲਾਸ ਵਿੱਚ ਸ਼ਾਮਲ ਹੋਣ ਤੋਂ ਇਸ ਕਰਕੇ ਰੋਕਿਆ ਜਾ ਰਿਹਾ ਹੈ ਤਾਂ ਜੋ ਖਡੂਰ ਸਾਹਿਬ ਦੀ ਸੀਟ ਖਾਲੀ ਐਲਾਨੀ ਜਾ ਸਕੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਹ 60 ਦਿਨਾਂ ਤੋਂ ਵੱਧ ਸੰਸਦ ਤੋਂ ਗੈਰਮੌਜੂਦ ਰਹਿੰਦੇ ਹਨ ਤਾਂ ਇਹ ਉਨ੍ਹਾਂ ਦੀ ਨਹੀਂ ਬਲਕਿ 19 ਲੱਖ ਵੋਟਰਾਂ ਦੀ ਆਵਾਜ਼ ਨੂੰ ਚੁਪ ਕਰਨ ਦੇ ਬਰਾਬਰ ਹੋਵੇਗਾ।
ਭਾਈ ਅੰਮ੍ਰਿਤਪਾਲ ਸਿੰਘ ਨੇ ਅਧਿਕਾਰੀਆਂ ਤੋਂ ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ ਯੋਜਨਾ (MPLADS) ਨੂੰ ਲਾਗੂ ਕਰਨ ਸਬੰਧੀ ਅਧਿਕਾਰੀਆਂ ਅਤੇ ਮੰਤਰੀਆਂ ਨੂੰ ਮਿਲਣ ਦੀ ਆਗਿਆ ਦੇਣ ਲਈ ਨਿਰਦੇਸ਼ ਵੀ ਮੰਗੇ। ਐੱਮਪੀਲੈਡ ਸਕੀਮ ਸੰਸਦ ਮੈਂਬਰਾਂ ਨੂੰ ਸਥਾਨਕ ਤੌਰ ’ਤੇ ਪਛਾਣੀਆਂ ਗਈਆਂ ਜ਼ਰੂਰਤਾਂ ਦੇ ਅਧਾਰ ’ਤੇ ਵਿਕਾਸ ਪ੍ਰੋਜੈਕਟਾਂ ਦੀ ਸਿਫਾਰਸ਼ ਕਰਨ ਦੀ ਆਗਿਆ ਦਿੰਦੀ ਹੈ। ਉਨ੍ਹਾਂ ਨੇ ਲੰਘੇ ਸਾਲ 30 ਨਵੰਬਰ ਨੂੰ ਲੋਕ ਸਭਾ ਸਪੀਕਰ ਨੂੰ ਵੀ ਅਧਿਕਾਰਤ ਰੂਪ ਵਿੱਚ ਬੇਨਤੀ ਕੀਤੀ ਸੀ।
ਪਟੀਸ਼ਨ ਵਿੱਚ ਇਹ ਵੀ ਉਲੇਖ ਹੈ ਕਿ ਉਸ ਨੂੰ ਪਹਿਲਾਂ ਹੀ 46 ਦਿਨਾਂ ਤੋਂ ਸੰਸਦੀ ਇਜਲਾਸਾਂ ਤੋਂ ਗੈਰਹਾਜ਼ਰੀ ਬਾਰੇ ਸੂਚਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰ/ਜ਼ਿਲ੍ਹਾ ਮੈਜਿਸਟਰੇਟ ਨੂੰ ਸੰਸਦੀ ਇਜਲਾਸਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗਣ ਲਈ ਬੇਨਤੀ ਕੀਤੀ ਸੀ ਪਰ ਕੋਈ ਜਵਾਬ ਨਹੀਂ ਮਿਲਿਆ।
ਹੁਣ ਸਭ ਦੀ ਨਜ਼ਰ ਹਾਈ ਕੋਰਟ ਦੀ ਆਉਣ ਵਾਲੀ ਸੁਣਵਾਈ ‘ਤੇ ਟਿਕੀ ਹੋਈ ਹੈ ਜਿੱਥੇ ਉਮੀਦ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਫੈਸਲਾ ਲਿਆ ਜਾ ਸਕਦਾ ਹੈ।