ਸ਼੍ਰੋਮਣੀ ਕਮੇਟੀ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ ਖੇਤਰ ਲਈ ਨਵੇਂ ਨਿਯਮ ਤਿਆਰ ਕਰੇਗੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰਾਂ ਦੀ ਨਿਯੁਕਤੀ, ਉਨ੍ਹਾਂ ਦੀ ਸੇਵਾ ਮੁਕਤੀ ਅਤੇ ਕਾਰਜ ਖੇਤਰ ਸਬੰਧੀ ਨਵੇਂ ਨਿਯਮ ਤਿਆਰ ਕਰਨ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਿੱਖ ਪੰਥ ਵਿੱਚ ਜਥੇਦਾਰਾਂ ਦੀ ਅਹਿਮ ਭੂਮਿਕਾ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਦੀ ਪ੍ਰਕਿਰਿਆ ਨੂੰ ਵਧੇਰੇ ਸੰਗਠਿਤ ਅਤੇ ਪ੍ਰਣਾਲੀਬੱਧ ਬਣਾਉਣ ਦੀ ਲੋੜ ਹੈ। ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਸੰਪਰਦਾਵਾਂ ਅਤੇ ਸਿੱਖ ਜਥੇਬੰਦੀਆਂ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ ਅਤੇ ਜਥੇਦਾਰਾਂ ਦੇ ਸਤਿਕਾਰਯੋਗ ਅਹੁਦਿਆਂ ਨੂੰ ਸਿੱਖ ਰਵਾਇਤਾਂ ਅਨੁਸਾਰ ਸੁਰੱਖਿਅਤ ਰੱਖਣ ਲਈ ਢੁਕਵੇਂ ਕਦਮ ਚੁੱਕੇ ਜਾਣਗੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦੀ ਹੀ ਇੱਕ ਉੱਚ ਪੱਧਰੀ ਕਮੇਟੀ ਗਠਿਤ ਕਰੇਗੀ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਲਈ ਨਵੇਂ ਨਿਯਮ ਤੈਅ ਕਰੇਗੀ। ਇਹ ਨਿਯਮ ਬਜਟ ਇਜਲਾਸ ਦੌਰਾਨ ਪਾਸ ਕਰਵਾਏ ਜਾਣਗੇ।

ਉਨ੍ਹਾਂ ਇਹ ਵੀ ਘੋਸ਼ਣਾ ਕੀਤੀ ਕਿ “ਇੱਕ ਵਿਅਕਤੀ, ਇੱਕ ਅਹੁਦਾ” ਦੀ ਨੀਤੀ ਲਾਗੂ ਕੀਤੀ ਜਾਵੇਗੀ, ਤਾਂ ਜੋ ਕਿਸੇ ਵੀ ਵਿਅਕਤੀ ਵੱਲੋਂ ਇੱਕ ਤੋਂ ਵੱਧ ਅਹੁਦੇ ਨਾ ਸੰਭਾਲੇ ਜਾਣ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਖਾਲੀ ਪਏ ਜਥੇਦਾਰ ਸਾਹਿਬਾਨ ਦੇ ਅਹੁਦੇ ਲਈ ਸਿੱਖ ਸੰਪਰਦਾਵਾਂ ਅਤੇ ਜਥੇਬੰਦੀਆਂ ਨਾਲ ਸਲਾਹ ਕੀਤੀ ਜਾਵੇਗੀ।

ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਬਾਹਰੀ ਤਾਕਤਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸਿੱਖ ਕੌਮ ਇਕਜੁੱਟ ਨਾ ਰਹੀ ਤਾਂ ਇਹ ਤਾਕਤਾਂ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਹੋ ਜਾਣਗੀਆਂ।

ਉਨ੍ਹਾਂ ਇਹ ਵੀ ਦੱਸਿਆ ਕਿ ਜਥੇਦਾਰਾਂ ਦੀ ਸੇਵਾ ਮੁਕਤੀ ਇੱਕ ਸਨਮਾਨਜਨਕ ਢੰਗ ਨਾਲ ਕੀਤੀ ਜਾਵੇਗੀ ਅਤੇ ਪਿਛਲੇ ਜਥੇਦਾਰਾਂ ਦੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਯੋਗ ਸਨਮਾਨ ਦਿੱਤਾ ਜਾਵੇਗਾ।

ਐਡਵੋਕੇਟ ਧਾਮੀ, ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣਾ ਅਸਤੀਫਾ ਦਿੱਤਾ ਸੀ, ਕਿਹਾ ਕਿ ਸਿੱਖ ਸੰਸਥਾਵਾਂ ਅਤੇ ਸਤਿਕਾਰਯੋਗ ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਨੂੰ ਦੁਬਾਰਾ ਸੇਵਾ ਸੰਭਾਲਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਸਿੱਖ ਕੌਮ ਵੱਲੋਂ ਮਿਲੇ ਵਿਸ਼ਵਾਸ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।