ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਸੌਂਪੀ ਸ਼ਿਕਾਇਤ
ਚੰਡੀਗੜ੍ਹ, 3 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਕ ਵਾਇਰਲ ਵੀਡੀਓ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕਰਦਿਆਂ ਡੀ.ਜੀ.ਪੀ. ਪੰਜਾਬ ਨੂੰ ਲਿਖਤੀ ਸ਼ਿਕਾਇਤ ਸੌਂਪੀ ਹੈ।
ਅੱਜ ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਨੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਸ. ਅਮਰਬੀਰ ਸਿੰਘ ਰਾਏ (ਆਈ.ਪੀ.ਐੱਸ.) ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਇਹ ਸ਼ਿਕਾਇਤ ਸੌਂਪੀ। ਵਫ਼ਦ ਵਿੱਚ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਦੇ ਮੈਂਬਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ।
ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਵਾਇਰਲ ਵੀਡੀਓ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਸ ਗੁਰੂ ਸਾਹਿਬਾਨ ਦੀਆਂ ਪ੍ਰਚਲਿਤ ਤਸਵੀਰਾਂ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਰੂਪ ਨਾਲ ਕਥਿਤ ਤੌਰ ’ਤੇ ਕੀਤੀ ਗਈ ਹਰਕਤ ਕਾਰਨ ਸੰਸਾਰ ਭਰ ਵਿੱਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਇਸ ਮਾਮਲੇ ਨੂੰ ਪ੍ਰਭਾਵਿਤ ਕਰਨ ਲਈ ਕਥਿਤ ਤੌਰ ’ਤੇ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੀ ਸਾਜ਼ਿਸ਼ ਰਚੀ ਗਈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਇਸ ਸਬੰਧੀ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਡੀ.ਐੱਲ.ਐੱਫ. ਥਾਣੇ ਵਿੱਚ ਸਬੰਧਤ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਐੱਫ.ਆਈ.ਆਰ. ਦਰਜ ਹੋ ਚੁੱਕੀ ਹੈ। ਕਮੇਟੀ ਨੇ ਮੰਗ ਕੀਤੀ ਹੈ ਕਿ ਭਾਰਤੀ ਕਾਨੂੰਨ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਤੁਰੰਤ ਐੱਫ.ਆਈ.ਆਰ. ਦਰਜ ਕਰਕੇ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਡੀ.ਜੀ.ਪੀ. ਦਫ਼ਤਰ ਵਿੱਚ ਸ਼ਿਕਾਇਤ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ 27 ਜੂਨ 2026 ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਅੰਤ੍ਰਿੰਗ ਕਮੇਟੀ ਨੂੰ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸੇ ਮਤੇ ਦੀ ਰੌਸ਼ਨੀ ਵਿੱਚ ਅੱਜ ਇਹ ਸ਼ਿਕਾਇਤ ਡੀ.ਜੀ.ਪੀ. ਪੰਜਾਬ ਨੂੰ ਸੌਂਪੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਮਾਮਲਾ ਸੰਸਾਰ ਭਰ ਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਵਿੱਚ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
