
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ।
ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਰਣਜੀਤ ਸਿੰਘ ਕਾਹਲੋਂ, ਸ. ਜੋਧ ਸਿੰਘ ਸਮਰਾ, ਸ. ਬਲਜੀਤ ਸਿੰਘ ਜਲਾਲਉਸਮਾ ਹਾਜ਼ਰ ਸਨ।
ਮੀਟਿੰਗ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰੇ ਦਿਵਸ ਦੇ ਸਮਾਗਮ ਸਬੰਧੀ ਚੰਗੇ ਮਹੌਲ ਵਿੱਚ ਗਲਬਾਤ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੌਜੂਦਾ ਸਥਿਤੀ ਦਾ ਸੁਖਾਵਾਂ ਹੱਲ ਨਿਕਲ ਆਵੇਗਾ।