ਸਾਬਕਾ ਪ੍ਰਧਾਨ ਬਡੂੰਗਰ ਵੱਲੋਂ ਸੱਤ ਮੈਂਬਰੀ ਕਮੇਟੀ ਤੋਂ ਅਸਤੀਫ਼ਾ, ਸਾਬਕਾ ਜਥੇਦਾਰ ਹਰਪ੍ਰੀਤ ਸਿੰਘ ਨੇ ਜਤਾਈ ਨਿਰਾਸ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਨਿਗਰਾਨੀ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਦਿੱਤਾ।

ਇਸ ਤੋਂ ਪਹਿਲਾਂ, SGPC ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੋਮਵਾਰ ਨੂੰ ਆਪਣੀ ਪਦਵੀ ਤੋਂ ਅਸਤੀਫ਼ਾ ਦਿੰਦੇ ਹੋਏ ਇਸ ਕਮੇਟੀ ‘ਚੋਂ ਲਾਂਭਾ ਕੀਤੇ ਜਾਣ ਦੀ ਮੰਗ ਕੀਤੀ ਸੀ।

ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਅਤੇ ਸਾਬਕਾ ਪ੍ਰਧਾਨ ਬਡੂੰਗਰ ਵੱਲੋਂ ਅਸਤੀਫ਼ਾ ਦੇਣ ਦੇ ਫੈਸਲੇ ਨੂੰ ਨਿਰਾਸ਼ਾਜਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬਵੱਲੋਂ ਸੌਂਪੀ ਗਈ ਸੀ ਜਿਸ ਤੋਂ ਪਿਛਾਂਹ ਨਹੀਂ ਹਟਣਾ ਚਾਹੀਦਾ। ਉਨ੍ਹਾਂ ਧਾਮੀ ਦੇ ਕਮੇਟੀ ਪ੍ਰਧਾਨ ਅਹੁਦੇ ਤੋਂ ਦਿੱਤੇ ਅਸਤੀਫ਼ੇ ‘ਤੇ ਵੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕਰ ਸਕਦੀ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਨਵੀਂ ਲੀਡਰਸ਼ਿਪ ਲਿਆਉਣ ਲਈ ਇਹ ਸੱਤ ਮੈਂਬਰੀ ਕਮੇਟੀ ਬਣਾਈ ਗਈ ਸੀ। ਪਰ ਹੁਣ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਵਲੋਂ ਅਸਤੀਫ਼ਿਆਂ ਦੇਣ ਨਾਲ ਇਹ ਸੰਕਟ ਵਿੱਚ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ ਦਲ ‘ਚ ਬੋਗਸ ਭਰਤੀ ਹੋ ਰਹੀ ਹੈ ਜਿਸ ਨਾਲ ਪ੍ਰਧਾਨ ਵੀ ਬੋਗਸ ਚੁਣਿਆ ਜਾਵੇਗਾ।

ਇਸ ਗਹਿਰੀ ਰਾਜਨੀਤਕ ਉਥਲ-ਪੁਥਲ ਵਿੱਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਆਉਣ ਵਾਲੇ ਬਦਲਾਅ ਵੇਖਣ ਯੋਗ ਹੋਣਗੇ।