• ਜਥੇਦਾਰ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੋਲ੍ਹਣ ਲਈ ਆਖਿਆ
ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 14 ਸਾਲ ਦੇ ਲੰਮੇ ਸਮੇਂ ਤੋਂ ਬਾਅਦ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਭਲਕੇ 10 ਜੂਨ ਨੂੰ ਜਾਣ ਵਾਲੇ ਜਥੇ ਦਾ ਸਵਾਗਤ ਕਰਦਿਆਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ 1974 ਦੀ ਸਹਿਮਤੀ ਮੁਤਾਬਕ ਹਰ ਸਾਲ ਚਾਰ ਸਿੱਖ ਜਥੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ, ਪਰੰਤੂ ਪੰਚਮ ਪਾਤਸ਼ਾਹ ਦੀ ਸ਼ਹੀਦੀ ਮੌਕੇ ਆਖਰੀ ਜਥਾ ਜੂਨ 2013 ਵਿੱਚ ਗਿਆ ਸੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਾਹੌਰ ਵਿਖੇ ਹੋਈ ਹੈ, ਇਸ ਲਈ ਇਹ ਅਤਿ ਜ਼ਰੂਰੀ ਹੈ ਕਿ ਹਰ ਸਾਲ ਸਮੁੱਚਾ ਖ਼ਾਲਸਾ ਪੰਥ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਉੱਥੇ ਇਕੱਤਰ ਹੋਵੇ ਅਤੇ ਗੁਰਮਤਿ ਸਮਾਗਮ ਰਾਹੀਂ ਸ਼ਰਧਾ ਸਤਿਕਾਰ ਭੇਟ ਕਰੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਸਾਲ ਜਦੋਂ ਉਹ ਨਵੰਬਰ 2025 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਸਨ ਤਾਂ ਉਨ੍ਹਾਂ ਨੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਬੇਨਤੀ ਕੀਤੀ ਸੀ ਕਿ ਜੋ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪੰਚਮ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਿਛਲੇ ਲੰਮੇ ਸਮੇਂ ਤੋਂ ਨਹੀਂ ਗਿਆ ਉਹ ਜਾਵੇ। ਉਨ੍ਹਾਂ ਕਿਹਾ ਕਿ ਉਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਨੁਮਾਇੰਦਿਆਂ ਨਾਲ ਵੀ ਇਸ ਮਾਮਲੇ ਉੱਤੇ ਗੰਭੀਰ ਵਿਚਾਰ ਚਰਚਾ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਜਥੇ ਸਬੰਧੀ ਹਾਂ ਪੱਖੀ ਹੁੰਗਾਰਾ ਭਰਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਸਨਮੁਖ ਕੀਤੀ ਗਈ ਅਰਦਾਸ ਪੂਰੀ ਹੋਈ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਚਾਹੀਦਾ ਹੈ ਕਿ ਹੁਣ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨੂੰ ਜਾਂਦਾ ਲਾਂਘਾ ਵੀ ਪਿਛਲੇ ਲਗਭਗ ਇੱਕ ਸਾਲ ਤੋਂ ਬੰਦ ਪਿਆ ਹੈ ਜਿਸ ਕਰਕੇ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਦੇ ਦਰਸ਼ਨ ਕਰਨ ਤੋਂ ਵਾਂਝੀ ਹੈ। ਉਨ੍ਹਾਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਖਿਆ ਕਿ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਜਲਦ ਖੋਲ੍ਹਿਆ ਜਾਵੇ ਤਾਂ ਜੋ ਸੰਗਤ ਗੁਰੂ ਘਰ ਵਿਖੇ ਨਤਮਸਤਕ ਹੋ ਸਕੇ। ਉਨ੍ਹਾਂ ਕਿਹਾ ਕਿ ਸਮੂਹ ਗੁਰੂ ਖ਼ਾਲਸਾ ਪੰਥ ਵਿਛੋੜੇ ਗਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨਾਂ ਲਈ ਹਰ ਰੋਜ਼ ਅਰਦਾਸ ਬੇਨਤੀ ਕਰਦਾ ਹੈ ਅਤੇ ਆਸ ਪ੍ਰਗਟਾਈ ਕਿ ਜਲਦ ਹੀ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਵੀ ਸਿੱਖਾਂ ਦੀ ਅਰਦਾਸ ਪੂਰੀ ਹੋਵੇਗੀ।
