ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਭਰਤੀ ਨਹੀਂ ਕਰਨਾ ਚਾਹੁੰਦਾ ਅਕਾਲੀ ਦਲ – 5 ਮੈਂਬਰੀ ਕਮੇਟੀ

ਪੰਥਕ ਜਥੇਬੰਦੀਆਂ ਨੂੰ ਇਕਜੁੱਟ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ 7 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਸੀ। ਇਸ ਕਮੇਟੀ ਦੀ ਤੀਜੀ ਮੀਟਿੰਗ ਪਟਿਆਲਾ ਨੇੜੇ ‘ਟੌਹੜਾ ਇੰਸਟੀਟਿਊਟ ਬਹਾਦੁਰਗੜ੍ਹ’ ਵਿਖੇ ਹੋਈ।

ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਅਤੇ ਮੈਂਬਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਸਤੀਫ਼ਾ ਦੇਣ ਕਰਕੇ ਮੀਟਿੰਗ ਵਿੱਚ ਹਾਜ਼ਰੀ ਨਹੀਂ ਲਗਾਈ। ਉਨ੍ਹਾਂ ਦੀ ਗ਼ੈਰਹਾਜ਼ਰੀ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਮੀਟਿੰਗ ਵਿੱਚ ਹਿੱਸਾ ਲਿਆ।

ਮੀਟਿੰਗ ਵਿੱਚ ਨਤੀਜਾ ਕੱਢਿਆ ਗਿਆ ਕਿ ਜਿਸ ਉਦੇਸ਼ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਹ ਕਮੇਟੀ ਬਣਾਈ ਸੀ, ਅਕਾਲੀ ਦਲ ਉਸ ਮੁਤਾਬਕ ਭਰਤੀ ਕਰਨ ਲਈ ਤਿਆਰ ਨਹੀਂ। ਇਸ ਸਬੰਧੀ ਕਮੇਟੀ ਬੁੱਧਵਾਰ (19 ਫਰਵਰੀ) ਨੂੰ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇਗੀ।

ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਲੈ ਕੇ ਕਮੇਟੀ ਅਤੇ ਅਕਾਲੀ ਦਲ ਦੀ ਸੋਚ ਵਿੱਚ ਵੱਡਾ ਅੰਤਰ ਹੈ। ਹੁਣ ਤੱਕ ਦੀਆਂ ਮੀਟਿੰਗਾਂ ਅਤੇ ਕਾਰਵਾਈਆਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਅਕਾਲੀ ਦਲ, ਕਮੇਟੀ ਦੇ ਹੁਕਮਾਂ ਮੁਤਾਬਕ ਭਰਤੀ ਕਰਨ ਲਈ ਤਿਆਰ ਨਹੀਂ।

ਪੰਜ ਮੈਂਬਰਾਂ ਨੇ ਸਾਫ਼ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਉਣ ਵਾਲੇ ਕਿਸੇ ਵੀ ਹੁਕਮ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਸ. ਵਡਾਲਾ ਨੇ ਐਡਵੋਕੇਟ ਧਾਮੀ ਦੇ ਅਸਤੀਫ਼ੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਹਾਲੇ ਪ੍ਰਵਾਨ ਨਹੀਂ ਹੋਇਆ, ਇਸ ਲਈ ਉਨ੍ਹਾਂ ਨੂੰ ਮੀਟਿੰਗ ਵਿੱਚ ਆਉਣਾ ਚਾਹੀਦਾ ਸੀ। ਦੂਜੇ ਪਾਸੇ, ਮਨਪ੍ਰੀਤ ਇਯਾਲੀ ਨੇ ਦੱਸਿਆ ਕਿ ਭੂੰਦੜ ਸਾਹਿਬ ਦੀ ਗੈਰਹਾਜ਼ਰੀ ਮਗਰੋਂ ਉਹ ਉਨ੍ਹਾਂ ਦੇ ਘਰ ਵੀ ਗਏ, ਪਰ ਉਨ੍ਹਾਂ ਨੇ ਕੋਈ ਸਹਿਯੋਗ ਨਹੀਂ ਦਿੱਤਾ।

ਸ਼੍ਰੋਮਣੀ ਕਮੇਟੀ, ਅਕਾਲੀ ਦਲ ਅਤੇ ਪੰਜਾਬ ਦੀ ਸਿਆਸਤ ਆਉਣ ਵਾਲੇ ਦਿਨਾਂ ਵਿੱਚ ਇੱਕ ਨਵੇਂ ਮੋੜ ‘ਤੇ ਖੜੀ ਹੋਵੇਗੀ, ਜੋ ਭਵਿੱਖ ਦੇ ਸਾਲਾਂ ਦਾ ਇਤਿਹਾਸ ਤੈਅ ਕਰੇਗੀ।