ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕ ਅਹਿਮ ਬੈਠਕ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਹੋਈ। ਇਸ ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਗਿਆ। ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰਨ ਦੀ ਬਜਾਏ ਉਨ੍ਹਾਂ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
ਅੱਜ ਦੀ ਬੈਠਕ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਸਪਸ਼ਟ ਕੀਤਾ ਕਿ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਜੇ ਮਨਜ਼ੂਰ ਨਹੀਂ ਕੀਤਾ ਗਿਆ। ਕਮੇਟੀ ਦਾ ਇੱਕ ਵਫਦ ਜਲਦੀ ਉਨ੍ਹਾਂ ਨਾਲ ਮੁਲਾਕਾਤ ਕਰੇਗਾ ਤਾਂਕਿ ਉਹ ਆਪਣੇ ਅਸਤੀਫੇ ‘ਤੇ ਦੁਬਾਰਾ ਵਿਚਾਰ ਕਰਨ।
ਅੰਤ੍ਰਿੰਗ ਕਮੇਟੀ ਨੇ ਇਹ ਵੀ ਸਪਸ਼ਟ ਕੀਤਾ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫੈਸਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਸਾਂਝੀ ਮਨਜ਼ੂਰੀ ਨਾਲ ਲਿਆ ਗਿਆ ਸੀ। ਕਮੇਟੀ ਨੇ ਉਨ੍ਹਾਂ ‘ਤੇ ਲੱਗੇ ਗੰਭੀਰ ਦੋਸ਼ਾਂ ਬਾਰੇ ਵੀ ਜਾਣਕਾਰੀ ਦਿੱਤੀ ਜਿਨ੍ਹਾਂ ਵਿੱਚ ਮਰਿਆਦਾ ਦੀ ਉਲੰਘਣਾ ਕਰਨੀ ਅਤੇ ਪਤਿਤ ਪਰਿਵਾਰਾਂ ਤੇ ਆਨੰਦ ਕਾਰਜਾਂ ਦੀਆਂ ਅਰਦਾਸਾਂ ਕਰਨੀਆਂ ਇੱਕ ਹੋਰ ਗੰਭੀਰ ਦੋਸ਼ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹੁੰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਅਤੇ ਬੇਅਦਬੀ ਦੀਆਂ ਘਟਨਾਵਾਂ ਦੀਆਂ ਗੰਭੀਰ ਸ਼ਿਕਾਇਤਾਂ ਮਿਲਣ ਅਤੇ ਤੱਥ ਸਾਹਮਣੇ ਆ ਜਾਣ ਤੋਂ ਬਾਅਦ ਵੀ ਨਜ਼ਰ ਅੰਦਾਜ਼ ਕਰਕੇ ਆਪਣੀ ਜਿੰਮੇਵਾਰੀ ਨਹੀਂ ਨਿਭਾਉਣਾ ਇਹਨਾਂ ਦੋਸ਼ਾਂ ਵਿਚ ਸ਼ਾਮਿਲ ਸੀ।
ਇਹ ਸਾਰੀ ਗਤੀਵਿਧੀਆਂ ਇਕ ਵੱਡਾ ਪ੍ਰਸ਼ਨ ਚੁੱਕਦੀਆਂ ਹਨ ਕਿ ਸ਼੍ਰੋਮਣੀ ਕਮੇਟੀ ਵਿਚ ਸਿਆਸੀ ਪ੍ਰਭਾਵ ਬਹੁਤ ਵੱਧ ਗਿਆ ਹੈ ਜਦਕਿ ਗੁਰੂ ਪੰਥ ਖਾਲਸਾ ਦੀ ਰਹਿਤ ਅਤੇ ਖਾਲਸਾਈ ਮਰਿਆਦਾ ਦੀ ਲਗਾਤਾਰ ਉਲੰਘਣਾ ਕੀਤੀ ਜਾ ਰਹੀ ਹੈ।
