ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਡਾ. ਫਾਰੂਕ ਅਬਦੁੱਲਾ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ‘ਤੇ, ਉਨ੍ਹਾਂ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਾਲ 41 ਸਾਲ ਪਹਿਲਾਂ ਹੋਈ ਮੁਲਾਕਾਤ ਨੂੰ ਯਾਦ ਕਰਦੇ ਹੋਏ ਭਾਵੁਕ ਪ੍ਰਤੀਕਿਰਿਆ ਦਿੱਤੀ।
ਡਾ. ਅਬਦੁੱਲਾ ਨੇ ਦੱਸਿਆ ਕਿ ਉਹ 1983 ਵਿੱਚ ਵਿਸ਼ੇਸ਼ ਤੌਰ ‘ਤੇ ਸੰਤ ਭਿੰਡਰਾਂਵਾਲਿਆਂ ਨੂੰ ਮਿਲਣ ਆਏ ਸਨ, ਅਤੇ ਉਨ੍ਹਾਂ ਦੀ ਇਹ ਮੁਲਾਕਾਤ ਤਕਰੀਬਨ ਡੇਢ ਘੰਟਾ ਚੱਲੀ। “ਉਹ ਬੇਹੱਦ ਪ੍ਰਭਾਵਸ਼ਾਲੀ ਹਸਤੀਆਂ ਸਨ, ਜਿਨ੍ਹਾਂ ਦੀ ਆਤਮਸ਼ਕਤੀ ਅਜਿਹੀ ਸੀ ਕਿ ਅੱਜ ਵੀ ਉਹ ਸਮਾਂ ਮੇਰੀ ਯਾਦ ‘ਚ ਤਾਜ਼ਾ ਹੈ,” ਉਨ੍ਹਾਂ ਕਿਹਾ। ਉਨ੍ਹਾਂ ਨੇ ਸ਼ਹੀਦੀ ਦੀ ਖ਼ਬਰ ਮਿਲਣ ‘ਤੇ ਆਪਣੇ ਦੁਖ ਦਾ ਵੀ ਇਜ਼ਹਾਰ ਕੀਤਾ।
ਇਸ ਦੌਰਾਨ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਡਾ. ਅਬਦੁੱਲਾ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਅਤੇ ਕਸ਼ਮੀਰੀ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਵਾਲੀਆਂ ਕੌਮਾਂ ਦੇ ਹੱਕਾਂ ਦੀ ਰੱਖਿਆ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਸ੍ਰੀ ਦਰਬਾਰ ਸਾਹਿਬ ਪਹੁੰਚਣ ‘ਤੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਸਹਿ-ਸੂਚਨਾ ਅਧਿਕਾਰੀ ਰਣਧੀਰ ਸਿੰਘ ਨੇ ਡਾ. ਅਬਦੁੱਲਾ ਦਾ ਸਵਾਗਤ ਕੀਤਾ।
