ਸ੍ਰੀ ਅੰਮ੍ਰਿਤਸਰ-ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਖ-ਵੱਖ ਚੱਲਦੇ ਮਾਮਲਿਆਂ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਪਾਸ ਪੰਜਾਬ ਸਰਕਾਰ ਦੇ ਕੈਬਨਿਟ ਮੰਤਰ ਸ. ਤਰੁਣਪ੍ਰੀਤ ਸਿੰਘ ਸੌਂਦ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰ ਤੇ ਅਹੁਦੇਦਾਰ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ, ਆਨਰੇਰੀ ਸਕੱਤਰ ਤੇ ਕੁਝ ਮੈਂਬਰ ਆਪੋ-ਆਪਣੇ ਪੱਖ ਲੈ ਕੇ ਹਾਜ਼ਰ ਹੋਏ। ਇਨ੍ਹਾਂ ਨਾਲ ਸਬੰਧਤ ਮਾਮਲਿਆਂ ਨੂੰ ਵਾਰੀ-ਵਾਰੀ ਸੁਣਿਆ ਅਤੇ ਵਿਚਾਰਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਨੇ ਦੱਸਿਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ ਪਾਸੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਤਿਆਰ ਕੀਤੀਆਂ ਗਈਆਂ ਤਸਵੀਰਾਂ ਵਿੱਚ ਸਿੱਖ ਸਿਧਾਂਤਾਂ, ਮਰਯਾਦਾ ਅਤੇ ਭਾਵਨਾਵਾਂ ਦੇ ਵਿਰੁੱਧ ਪੇਸ਼ਕਾਰੀ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਸੀ, ਜੋ ਉਨ੍ਹਾਂ ਨੇ ਅੱਜ ਸਿੰਘ ਸਾਹਿਬ ਜੀ ਨੂੰ ਪੇਸ਼ ਕਰ ਦਿੱਤਾ ਹੈ। ਇਸ ਸਬੰਧੀ ਮੰਤਰੀ ਸੌਂਦ ਨੇ ਮੰਨਿਆ ਹੈ ਕਿ ਜੋ ਕੁਝ ਕੁਤਾਹੀਆਂ ਹੋਈਆਂ ਹਨ ਉਨ੍ਹਾਂ ਨੂੰ ਸਿੱਖ ਭਾਵਨਾਵਾਂ ਮੁਤਾਬਕ ਠੀਕ ਕਰ ਦਿੱਤਾ ਗਿਆ ਹੈ ਅਤੇ ਕੁਝ ਕਾਰਜ ਅਜੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗੜਗੱਜ ਨੇ ਮੰਤਰੀ ਸੌਂਦ ਨੂੰ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦਾ ਡਾਇਰੈਕਟਰ ਪੰਜਾਬ ਤੇ ਸਿੱਖ ਸਰੋਕਾਰਾਂ, ਰਵਾਇਤਾਂ ਤੇ ਸੱਭਿਆਚਾਰ ਦੀ ਸਮਝ ਰੱਖਣ ਵਾਲਾ ਲਗਾਇਆ ਜਾਵੇ, ਜਿਸ ਸਬੰਧੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸਰਕਾਰ ਨਾਲ ਗੱਲ ਕਰਕੇ ਯੋਗ ਨਿਯੁਕਤੀ ਕੀਤੀ ਜਾਵੇਗੀ।
ਸ. ਬਗੀਚਾ ਸਿੰਘ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਮਿਤੀ 25 ਅਕਤੂਬਰ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਉਲੰਘਣਾ ਕਰਦਿਆਂ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ, ਜਿਸ ਸੰਸਥਾ ਦੇ ਪ੍ਰਧਾਨ, ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਕੱਤਰ ਨੂੰ ਆਪਣਾ ਪੱਖ ਰੱਖਣ ਲਈ ਸੱਦਿਆ ਗਿਆ ਹੈ। ਪਰੰਤੂ ਕੁਝ ਕਾਰਨਾਂ ਕਰਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਸੱਦੇ ਗਏ ਨੁਮਾਇੰਦੇ ਹਾਜ਼ਰ ਨਹੀਂ ਹੋ ਸਕੇ ਜਿਸ ਕਰਕੇ ਪੁੱਜ ਅਹੁਦੇਦਾਰਾਂ ਤੇ ਮੈਂਬਰਾਂ ਪਾਸੋਂ ਦਿੱਤਾ ਗਿਆ ਪੱਖ ਫਿਲਹਾਲ ਨਹੀਂ ਲਿਆ ਗਿਆ ਅਤੇ ਉਨ੍ਹਾਂ ਨੂੰ ਹੋਰ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਤਰਫੋਂ ਸ. ਆਤਮਾ ਸਿੰਘ ਮੀਤ ਪ੍ਰਧਾਨ, ਸ. ਜਸਮੈਨ ਸਿੰਘ ਸਕੱਤਰ, ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ, ਸ. ਰਮਿੰਦਰ ਸਿੰਘ, ਸ. ਹਰਜੀਤ ਸਿੰਘ ਤੇ ਸ. ਮਨਜੀਤ ਸਿੰਘ ਹਾਜ਼ਰ ਸਨ।
ਸ. ਬਗੀਚਾ ਸਿੰਘ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਪਾਸੋਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਸਮੇਂ ਹੋਏ ਆਦੇਸ਼ ਦੀ ਰੋਸ਼ਨੀ ਵਿੱਚ ਇਹ ਜਾਣਕਾਰੀ ਮੰਗੀ ਗਈ ਸੀ ਕਿ ਉਨ੍ਹਾਂ ਦੇ ਕਿਹੜੇ ਮੈਂਬਰ ਅੰਮ੍ਰਿਤਧਾਰੀ ਹਨ ਅਤੇ ਕਿਹੜੇ ਨਹੀਂ ਹਨ। ਇਸ ਸਬੰਧੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਇੰਦਰਬੀਰ ਸਿੰਘ ਨਿੱਝਰ, ਆਨਰੇਰੀ ਸਕੱਤਰ ਸ. ਰਮਣੀਕ ਸਿੰਘ ਸਮੇਤ ਮੈਂਬਰ ਪ੍ਰੋ ਸੁਖਬੀਰ ਸਿੰਘ ਤੇ ਭਾਈ ਮਹਿੰਦਰ ਸਿੰਘ ਹਾਜ਼ਰ ਹੋਏ, ਜਿਨ੍ਹਾਂ ਨੇ ਮੰਗੀ ਗਈ ਜਾਣਕਾਰੀ ਦਿੱਤੀ। ਜਥੇਦਾਰ ਗੜਗੱਜ ਨੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨੂੰ ਹੋਰ ਸਮਾਂ ਦਿੰਦਿਆਂ ਕਿਹਾ ਕਿ ਉਹ ਸੰਸਥਾ ਦੇ ਸਮੂਹ ਮੈਂਬਰਾਂ ਨੂੰ ਪ੍ਰੇਰਣਾ ਦੇ ਕੇ ਉਨ੍ਹਾਂ ਦਾ ਅੰਮ੍ਰਿਤਧਾਰੀ ਹੋਣਾ ਯਕੀਨੀ ਬਣਾਉਣ ਤਾਂ ਜੋ ਸੰਵਿਧਾਨ ਦੀ ਪਾਲਣਾ ਹੋਵੇ।
