views 10 secs 0 comments

ਪੰਜਾਬ ਦੇ ਆਰਮੀ ਸਕੂਲਾਂ ‘ਚ ਪੰਜਾਬੀ ਨੂੰ ਹਾਸ਼ੀਏ ‘ਤੇ ਧੱਕ ਕੇ ਸੰਸਕ੍ਰਿਤ ਦੀ ਪੜ੍ਹਾਈ ਸ਼ੁਰੂ

ਲੇਖ
May 07, 2026

ਪੰਜਾਬ ਵਿੱਚ ਸਥਿਤ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਹਾਸ਼ੀਏ ’ਤੇ ਧਕੇਲ ਕੇ ਸੰਸਕ੍ਰਿਤ ਦੀ ਲਾਜ਼ਮੀਂ ਪੜ੍ਹਾਈ ਅੱਜ ਮਿਤੀ ਪੰਜ ਮਈ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਸੁਸਾਇਟੀ ਵਲੋਂ ਬੱਚਿਆਂ ਦੇ ਮਾਪਿਆਂ ਤੋਂ ਇੱਕ ਡੈਕਲਾਰੇਸ਼ਨ ਉਤੇ ਦਸਤਖ਼ਤ ਕਰਵਾ ਕੇ ਸਹਿਮਤੀ ਲਈ ਜਾ ਰਹੀ ਹੈ ਕੀ ਉਹਨਾਂ ਦੇ ਬੱਚੇ ਪੰਜਾਬੀ ਭਾਸ਼ਾ ਨੂੰ ਐਡੀਸ਼ਨਲ ਵਿਸ਼ੇ ਵਜੋਂ ਪੜ੍ਹਨ ਲਈ ਤਿਆਰ ਹਨ।
ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਦਾ ਇਹ ਫੈਸਲਾ ਨਾ ਸਿਰਫ਼ ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਭਾਸ਼ਾ ਕਾਨੂੰਨ-2008 ਦੀ ਉਲੰਘਣਾ ਹੈ, ਸਗੋਂ ਸਿੱਖਿਆ ਨੀਤੀ-2020 ਅਤੇ ਨੈਸ਼ਨਲ ਕਰਿਕੁਲਮ ਫ੍ਰੇਮਵਰਕ ਦੀਆਂ ਭਾਵਨਾਵਾਂ ਦੇ ਵੀ ਖ਼ਿਲਾਫ਼ ਹੈ। ਪੰਜਾਬ ਦੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੋਂ ਵਾਂਝਾ ਕਰਨਾ ਬਹੁਤ ਮੰਦਭਾਗਾ ਅਤੇ ਚਿੰਤਾਜਨਕ ਹੈ।ਪੰਜਾਬ ਦੇ ਭਾਸ਼ਾ ਕਾਨੂੰਨ The Punjab Learning of Punjabi and other Languages (Amendment)Act -2008 ਅਨੁਸਾਰ ਪੰਜਾਬ ਦੇ ਹਰ ਸਕੂਲ ਵਿੱਚ ਦਸਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਦੀ ਪੜ੍ਹਾਈ ਲਾਜ਼ਮੀ ਹੈ, ਪਰ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ (AWES) ਵੱਲੋਂ ਜਾਰੀ ਕੀਤੇ ਸਰਕੂਲਰ ਵਿੱਚ ਪੰਜਾਬੀ ਨੂੰ ਇੱਕ ਅਤਿਰਿਕਤ (Additional) ਭਾਸ਼ਾ ਵਜੋਂ ਰੱਖ ਕੇ ਸੰਸਕ੍ਰਿਤ ਨੂੰ ਲਾਜ਼ਮੀ ਤੌਰ ’ਤੇ ਪੜ੍ਹਾਉਣਾ ਬੱਚਿਆਂ ਦੇ ਸਿੱਖਣ ਦੇ ਅਧਿਕਾਰਾਂ, ਮਨੋਵਿਗਿਆਨਕ ਆਜ਼ਾਦੀ ਅਤੇ ਉਨ੍ਹਾਂ ਦੀ ਭਾਸ਼ਾਈ ਪਸੰਦ ਨਾਲ ਸਿੱਧਾ ਟਕਰਾਅ ਹੈ।
ਉਨ੍ਹਾਂ ਕਿਹਾ ਕਿ NEP-2020 ਅਤੇ NCF ਦੋਵੇਂ ਹੀ ਬੱਚਿਆਂ ਲਈ Flexible Curriculum, ਮਾਤ ਭਾਸ਼ਾ ਅਧਾਰਿਤ ਸਿੱਖਿਆ ਅਤੇ “R3” ਦੇ ਸਿਧਾਂਤਾਂ ਨੂੰ ਉਤਸ਼ਾਹਿਤ ਕਰਦੇ ਹਨ, ਜਿਸ ਅਨੁਸਾਰ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਸਥਾਨਕ ਭਾਸ਼ਾਈ ਪਿਛੋਕੜ ਦੇ ਅਨੁਸਾਰ ਵਿਸ਼ਿਆਂ ਦੀ ਚੋਣ ਦੀ ਆਜ਼ਾਦੀ ਹੈ। ਪਰ ਆਰਮੀ ਐਜੂਕੇਸ਼ਨ ਸੁਸਾਇਟੀ ਵੱਲੋਂ ਸਿੱਖਿਆ ਨੀਤੀ ਦੀ ਭਾਵਨਾ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਪਤਾ ਲੱਗਾ ਹੈ ਕਿ ਮਾਪਿਆਂ ਵੱਲੋਂ ਵੀ ਇਸ ਮਾਮਲੇ ’ਤੇ ਗੰਭੀਰ ਚਿੰਤਾ ਜਤਾਈ ਜਾ ਰਹੀ ਹੈ ਕਿ ਪੰਜਾਬੀ ਭਾਸ਼ਾ ਨੂੰ ਚੌਥੇ ਵਿਕਲਪ ਵਜੋਂ ਰੱਖਿਆ ਗਿਆ ਹੈ ਅਤੇ ਜੇਕਰ 15 ਤੋਂ ਘੱਟ ਵਿਦਿਆਰਥੀ ਪੰਜਾਬੀ ਚੁਣਦੇ ਹਨ ਤਾਂ ਸਕੂਲ ਪੰਜਾਬੀ ਅਧਿਆਪਕ ਦੀ ਨਿਯੁਕਤੀ ਵੀ ਨਹੀਂ ਕਰੇਗਾ। ਅਜਿਹੇ ਹਾਲਾਤਾਂ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਘਰ ਬੈਠ ਕੇ ਪੜ੍ਹਨ ਲਈ ਮਜਬੂਰ ਹੋਣਾ ਪਵੇਗਾ। ਇਹ ਨੀਤੀ ਸਪੱਸ਼ਟ ਤੌਰ ’ਤੇ ਵਿਦਿਆਰਥੀਆਂ ਦੀ ਭਾਸ਼ਾਈ ਵਿਕਲਪ ਸਿੱਖਿਆ ਨੀਤੀ ਨਾਲ ਵਿਤਕਰਾ ਕਰਦੀ ਹੈ। ਪੰਜਾਬ ਸਰਕਾਰ ਵੀ ਇਸ ਅਨਿਆਂ ਵਿਰੁੱਧ ਚੁੱਪ ਹੈ। ਸੀ.ਬੀ.ਐਸ.ਈ. ਇਹ ਯਕੀਨੀ ਬਣਾਏ ਕਿ ਸਾਰੇ ਸਕੂਲ ਭਾਸ਼ਾ ਨੀਤੀ ਅਤੇ ਸਿੱਖਿਆ ਨੀਤੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਪੰਜਾਬ ਵਿੱਚ ਸਥਿਤ ਸਾਰੇ ਆਰਮੀ ਸਕੂਲਾਂ ਵਿੱਚ ਪੰਜਾਬ ਦੇ ਬੱਚਿਆਂ ਲਈ ਪੰਜਾਬੀ ਭਾਸ਼ਾ ਦੀ ਲਾਜ਼ਮੀ ਪੜ੍ਹਾਈ ਨੂੰ ਯਕੀਨੀ ਬਣਾਇਆ ਜਾਵੇ।

ਪਰਮਪਾਲ ਸਿੰਘ ਸਭਰਾਅ