ਅਕਾਲੀ ਦਲ ਵਾਰਿਸ ਪੰਜਾਬ ਦੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਦੀ ਗ੍ਰਿਫ਼ਤਾਰੀ ਦੀ ਤਿੱਖੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਵੱਲੋਂ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਨੂੰ ਅਸੰਵਿਧਾਨਿਕ ਕਰਾਰ ਦਿੱਤਾ।
ਬਾਪੂ ਤਰਸੇਮ ਸਿੰਘ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਤੇ ਤਾਨਾਸ਼ਾਹੀ ਰਵੱਈਆ ਅਪਣਾਉਣ ਦੇ ਦੋਸ਼ ਲਾਂਦੇ ਹੋਏ ਕਿਹਾ ਕਿ ਜਿਨ੍ਹਾਂ ਕਿਸਾਨ ਆਗੂਆਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ, ਉਨ੍ਹਾਂ ਨੂੰ ਹੀ ਗ੍ਰਿਫ਼ਤਾਰ ਕਰ ਲਿਆ ਗਿਆ, ਜੋ ਸਿੱਧਾ-ਸਿੱਧਾ ਲੋਕਤੰਤਰ ‘ਤੇ ਹਮਲਾ ਹੈ। ਉਨ੍ਹਾਂ ਨੇ ਕਿਹਾ ਕਿ ਇਹੋ ਹੀ ‘ਆਪ’ ਆਗੂ, ਜੋ ਆਪਣੀ ਸਰਕਾਰ ਸੱਤਾ ਵਿਚ ਆਉਣ ‘ਤੇ ਪਹਿਲੇ ਪੰਜ ਮਿੰਟਾਂ ਵਿੱਚ ਸਾਰੀਆਂ ਫਸਲਾਂ ‘ਤੇ ਐਮਐਸਪੀ ਦੇਣ ਦੇ ਵਾਅਦੇ ਕਰਦੇ ਸਨ, ਹੁਣ ਉਹੀ ਕਿਸਾਨਾਂ ‘ਤੇ ਸਰਕਾਰੀ ਤਸ਼ੱਦਦ ਕਰ ਰਹੇ ਹਨ।
ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਕਰਦੇ ਹੋਏ ਸੰਘਰਸ਼ਸ਼ੀਲ ਕਿਸਾਨਾਂ ਵਿਰੁੱਧ ਪੁਲਿਸ ਸ਼ਕਤੀ ਦੀ ਦੁਰਵਰਤੋਂ ਨਾ ਕਰਨ ਦੀ ਅਪੀਲ ਕੀਤੀ।